Wednesday, July 29Punjabi People

ਸਮਾਜਿਕ ਸੁਰੱਖਿਆ ਸਕੀਮਾਂ ਲਈ ਮਾਨ ਸਰਕਾਰ ਵੱਲੋਂ ₹2,150.73 ਕਰੋੜ ਜਾਰੀ; ਲੋੜਵੰਦ ਵਰਗਾਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਵੱਡੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੂਨ 2026 ਤੱਕ ਵੱਖ-ਵੱਖ ਭਲਾਈ ਸਕੀਮਾਂ ਅਧੀਨ 2,150.73 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਲਾਭਪਾਤਰੀ ਨੂੰ ਉਸ ਦਾ ਹੱਕ ਸਮੇਂ ਸਿਰ ਮਿਲੇ ਅਤੇ ਕੋਈ ਵੀ ਲੋੜਵੰਦ ਵਿਅਕਤੀ ਆਰਥਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਕਮਜ਼ੋਰ ਵਰਗਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 35.90 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਵਿੱਤੀ ਸਾਲ 2026-27 ਲਈ ਸਰਕਾਰ ਨੇ ਇਨ੍ਹਾਂ ਸਕੀਮਾਂ ਨੂੰ ਨਿਰੰਤਰ ਚਲਾਉਣ ਅਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 6,131.91 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਇਹ ਕਦਮ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਜੂਨ 2026 ਤੱਕ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਕਰੀਬ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 727.40 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਦਾ ਫਾਇਦਾ ਲਗਭਗ 12.13 ਲੱਖ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਮਿਲਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਦੀ ਸਮੇਂ ਸਿਰ ਅਦਾਇਗੀ ਨੇ ਲੱਖਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਇਆ ਹੈ। ਇਹ ਯੋਜਨਾਵਾਂ ਨਾ ਸਿਰਫ਼ ਆਰਥਿਕ ਸਹਾਰਾ ਪ੍ਰਦਾਨ ਕਰ ਰਹੀਆਂ ਹਨ, ਸਗੋਂ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਵੀ ਹੋਰ ਮਜ਼ਬੂਤ ਕਰ ਰਹੀਆਂ ਹਨ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈਣ ਦੇ ਯੋਗ ਕੋਈ ਵੀ ਵਿਅਕਤੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਪਤ ਹੋਣ ਵਾਲੇ ਅਰਜ਼ੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਫਾਇਦਾ ਮਿਲ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ ਹਰ ਯੋਗ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਲੋੜੀਂਦਾ ਸਹਾਰਾ ਮਿਲੇ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹਨ।

Leave a Reply

Your email address will not be published. Required fields are marked *