
ਬਰਨਾਲਾ/ਮਹਿਲ ਕਲਾਂ, 27 ਸਤੰਬਰ 2026: ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਚੰਨਣਵਾਲ ਦਾ ਦੌਰਾ ਕਰਦਿਆਂ ਕਮਿਊਨਿਟੀ ਹਾਲ ਵਿਖੇ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਗ੍ਰਾਮ ਪੰਚਾਇਤ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਗਤ ਸਿੰਘ ਦੀ ਵਿਚਾਰਧਾਰਾ, ਕੁਰਬਾਨੀ ਅਤੇ ਨੌਜਵਾਨਾਂ ਲਈ ਉਨ੍ਹਾਂ ਦੇ ਸੰਦੇਸ਼ ਨੂੰ ਯਾਦ ਕੀਤਾ।
ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ
ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੀ ਸੋਚ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਨੌਜਵਾਨਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣਨ, ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕਾਰਵਾਈ ਕਰਨ ਅਤੇ ਲੋੜਵੰਦ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਮਿਸ਼ਨ ਵੱਲੋਂ ਹੈਲਪਲਾਈਨ ਨੰਬਰ 98554-75547 ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਚੰਡੀਗੜ੍ਹ ਜਾ ਕੇ ਆਪਣੀ ਸ਼ਿਕਾਇਤ ਦਰਜ ਨਹੀਂ ਕਰਵਾ ਸਕਦੇ, ਉਹ ਜ਼ਿਲ੍ਹਾ ਬਰਨਾਲਾ ਵਿੱਚ ਕਮਿਸ਼ਨ ਦੀ ਕੋਰ ਕਮੇਟੀ ਦੇ ਮੈਂਬਰਾਂ ਕੋਲ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਜ਼ਿਲ੍ਹਿਆਂ ਦਾ ਦੌਰਾ ਕਰਕੇ ਜਾਣ ਰਹੇ ਹਾਂ ਜ਼ਮੀਨੀ ਹਕੀਕਤ
ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਉਹ ਲਗਾਤਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਦੀ ਜ਼ਮੀਨੀ ਹਕੀਕਤ ਨੂੰ ਨੇੜਿਓਂ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਸਬੰਧਤ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਨੌਜਵਾਨਾਂ ਨੂੰ ਸਮਾਜ ਸੇਵਾ ਤੇ ਖੇਡਾਂ ਨਾਲ ਜੁੜਨ ਦੀ ਅਪੀਲ
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਨਾਲਾ ਸਾਹਿਤਕਾਰਾਂ ਅਤੇ ਚੇਤੰਨ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਣਾ ਲੈਣ ਅਤੇ ਸਮਾਜ ਸੇਵੀ ਕਾਰਜਾਂ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਬਰਨਾਲਾ ਕੋਰ ਕਮੇਟੀ ਦੇ ਮੈਂਬਰ ਅਤੇ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਮੁੱਖ ਮਹਿਮਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਵਿਸ਼ੇਸ਼ ਮਹਿਮਾਨ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।
ਵੱਖ-ਵੱਖ ਸੰਸਥਾਵਾਂ ਵੱਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ
ਸਮਾਗਮ ਦੌਰਾਨ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸ.ਡੀ.ਐੱਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਐੱਸ.ਐੱਸ. ਨੰਦਗੜ੍ਹ, ਡੀ.ਡੀ.ਪੀ.ਓ. ਸਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਤੋਂ ਇਲਾਵਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੇ ਮੈਂਬਰ ਜਤਿੰਦਰ ਦੇਵਗਨ, ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਮੈਂਬਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਸਮਾਗਮ ਵਿੱਚ ਸ਼ਾਮਲ ਹੋਏ।
