Wednesday, October 28Punjabi People

ਫਗਵਾੜਾ-ਹੁਸ਼ਿਆਰਪੁਰ ਦੀਆਂ ਲਿੰਕ ਸੜਕਾਂ ਨੂੰ ਮਿਲੇਗਾ ਨਵਾਂ ਰੂਪ, ਸਾਰੀਆਂ ਸੜਕਾਂ ਹੋਣਗੀਆਂ ਅਪਗ੍ਰੇਡ

ਫਗਵਾੜਾ, 22 ਸਤੰਬਰ 2026: ਪੇਂਡੂ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਫਗਵਾੜਾ ਤੇ ਹੁਸ਼ਿਆਰਪੁਰ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਸੜਕਾਂ ਨੂੰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਅਪਗ੍ਰੇਡ, ਮੁਰੰਮਤ ਅਤੇ ਆਧੁਨਿਕ ਬਣਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਦਾ ਮੁੱਦਾ ਉਠਾਇਆ ਗਿਆ ਸੀ। ਉਨ੍ਹਾਂ ਨੇ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਦੀਆਂ ਪੇਂਡੂ ਲਿੰਕ ਸੜਕਾਂ ਨਾਲ ਸਬੰਧਤ ਇੰਜੀਨੀਅਰਿੰਗ ਕਾਰਜ ਪੰਜਾਬ ਮੰਡੀ ਬੋਰਡ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਡਾ. ਚੱਬੇਵਾਲ ਨੇ ਦੱਸਿਆ ਕਿ ਪਹਿਲਾਂ ਪੇਂਡੂ ਲਿੰਕ ਸੜਕਾਂ ਦੀ ਸਾਂਭ-ਸੰਭਾਲ ਅਤੇ ਵਿਕਾਸ ਦਾ ਕੰਮ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਵੱਲੋਂ ਕੀਤਾ ਜਾਂਦਾ ਸੀ। ਹੁਣ ਇਹ ਜ਼ਿੰਮੇਵਾਰੀ ਪੰਜਾਬ ਮੰਡੀ ਬੋਰਡ ਨੂੰ ਸੌਂਪੇ ਜਾਣ ਨਾਲ ਪੇਂਡੂ ਸੜਕ ਪ੍ਰਾਜੈਕਟਾਂ ਦੀ ਯੋਜਨਾਬੰਦੀ, ਮਨਜ਼ੂਰੀ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੜਕ ਪ੍ਰਾਜੈਕਟਾਂ ਦੇ ਪ੍ਰਸਤਾਵ ਜਲਦੀ ਤਿਆਰ ਕਰਨ, ਸਮੇਂ ਸਿਰ ਪ੍ਰਸ਼ਾਸਨਿਕ ਮਨਜ਼ੂਰੀਆਂ ਹਾਸਲ ਕਰਨ, ਟੈਂਡਰ ਪ੍ਰਕਿਰਿਆ ਮੁਕੰਮਲ ਕਰਨ ਅਤੇ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਤੇਜ਼ੀ ਆਵੇਗੀ। ਇਸ ਨਾਲ ਪੇਂਡੂ ਸੜਕਾਂ ਦੇ ਵਿਕਾਸ ਅਤੇ ਨਵੀਨੀਕਰਨ ਨੂੰ ਹੋਰ ਹੁਲਾਰਾ ਮਿਲੇਗਾ।

ਸੰਸਦ ਮੈਂਬਰ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਅਤੇ ਕਸਬਿਆਂ ਨਾਲ ਜੋੜਨ ਵਿੱਚ ਮਜ਼ਬੂਤ ਤੇ ਬਿਹਤਰ ਪੇਂਡੂ ਸੜਕਾਂ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਸੜਕਾਂ ਰਾਹੀਂ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਜ਼ਬੂਤ ਪੇਂਡੂ ਸੜਕ ਨੈੱਟਵਰਕ ਵਿਕਸਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਸਿੱਧਾ ਲਾਭ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਸਕੇ।

Leave a Reply

Your email address will not be published. Required fields are marked *