Wednesday, July 29Punjabi People

ਤਰਨਤਾਰਨ ਦੀ ਸਿਆਸਤ ‘ਚ ਹਲਚਲ, ਇਕਬਾਲ ਸਿੰਘ ਸੰਧੂ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ

ਤਰਨਤਾਰਨ, 14 ਜੁਲਾਈ 2026: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।

1000000022

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਆਪਣੇ ਅਸਤੀਫ਼ਾ ਪੱਤਰ ਵਿੱਚ ਸੰਧੂ ਨੇ ਲਿਖਿਆ ਕਿ ਉਹ ਸਾਲ 1996 ਤੋਂ ਲਗਾਤਾਰ 2026 ਤੱਕ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦੇ ਰਹੇ ਹਨ। ਉਨ੍ਹਾਂ ਪਾਰਟੀ ਹਿੱਤ ਲਈ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ, ਪਰ ਹੁਣ ਨਿੱਜੀ ਅਤੇ ਰਾਜਨੀਤਿਕ ਕਾਰਨਾਂ ਕਰਕੇ ਉਹ ਪਾਰਟੀ ਨਾਲ ਆਪਣਾ ਸਫ਼ਰ ਸਮਾਪਤ ਕਰ ਰਹੇ ਹਨ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ ਵੀ ਕੀਤੀ ਹੈ।

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਇਕਬਾਲ ਸਿੰਘ ਸੰਧੂ ਲੰਬੇ ਸਮੇਂ ਤੋਂ ਪਾਰਟੀ ਵਿੱਚ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਹੇ ਸਨ। ਦੱਸਿਆ ਜਾਂਦਾ ਹੈ ਕਿ ਉਹ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਇੱਛੁਕ ਸਨ, ਪਰ ਹਰ ਵਾਰ ਟਿਕਟ ਵੰਡ ਦੌਰਾਨ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ। ਇਸ ਕਾਰਨ ਉਹ ਪਾਰਟੀ ਦੀ ਕਾਰਜਸ਼ੈਲੀ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਆਖ਼ਰਕਾਰ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ।

ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਮਰਥਕਾਂ ਅਤੇ ਕਰੀਬੀ ਸਾਥੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਸ ਤੋਂ ਬਾਅਦ ਹੀ ਉਹ ਆਪਣੇ ਅਗਲੇ ਰਾਜਨੀਤਿਕ ਕਦਮ ਬਾਰੇ ਫ਼ੈਸਲਾ ਲੈਣਗੇ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਸਿਆਸੀ ਸਮੀਕਰਨਾਂ ‘ਤੇ ਵੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *