Saturday, November 7Punjabi People

ਬਰਨਾਲਾ ਮੰਡੀ ’ਚ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਬਰਨਾਲਾ/ਪਟਿਆਲਾ, 7 ਨਵੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਬਰਨਾਲਾ ਮੰਡੀ ਨਾਲ ਸਬੰਧਤ ਦੋ ਅਧਿਕਾਰੀਆਂ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ ਅਤੇ ਇੰਚਾਰਜ ਬਰਨਾਲਾ ਮੰਡੀ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਇਹ ਕਾਰਵਾਈ ਬਰਨਾਲਾ ਦੀ ਲੱਖੀ ਕਲੋਨੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਚੌਲਾਂ ਦੇ ਸ਼ੈੱਲਰ ਦੀ ਸਮਰੱਥਾ ਦੇ ਹਿਸਾਬ ਨਾਲ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ ਮਨਪ੍ਰੀਤ ਸਿੰਘ ਅਤੇ ਦਵਿੰਦਰ ਕੌਰ ਵੱਲੋਂ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਮੁਲਜ਼ਮਾਂ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਵੀ ਕਰ ਲਿਆ ਸੀ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਜਾਂਚ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋਵਾਂ ਅਧਿਕਾਰੀਆਂ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਜੀਲੈਂਸ ਬਿਊਰੋ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਹੈ। ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *