
ਚੰਡੀਗੜ੍ਹ, 4 ਨਵੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨਾਲ ਸਬੰਧਤ ਘਟਨਾ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਪੰਜਾਬ ਸਰਕਾਰ ਨੂੰ 72 ਘੰਟਿਆਂ ਦੇ ਅੰਦਰ ਕੇਂਦਰ ਸਰਕਾਰ ਕੋਲ ਆਪਣੀ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।
ਬੁੱਧਵਾਰ ਨੂੰ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਵੀ ਨਿਰਦੇਸ਼ ਦਿੱਤਾ ਕਿ ਉਹ ਪੰਜਾਬ ਸਰਕਾਰ ਤੋਂ ਰਿਪੋਰਟ ਪ੍ਰਾਪਤ ਹੋਣ ਦੇ ਸੱਤ ਦਿਨਾਂ ਦੇ ਅੰਦਰ ਇਸ ਗੱਲ ’ਤੇ ਫ਼ੈਸਲਾ ਕਰੇ ਕਿ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪੀ ਜਾਣੀ ਚਾਹੀਦੀ ਹੈ ਜਾਂ ਨਹੀਂ।
ਜ਼ਿਕਰਯੋਗ ਹੈ ਕਿ LPU ਦੇ ਵਿਦਿਆਰਥੀ ਰਵੀ ਰਾਜ ਵੱਲੋਂ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਯੂਨੀਵਰਸਿਟੀ ਨਾਲ ਜੁੜੀ ਘਟਨਾ ਦੀ ਨਿਰਪੱਖ, ਪਾਰਦਰਸ਼ੀ ਅਤੇ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਹਾਈ ਕੋਰਟ ਦੇ ਇਨ੍ਹਾਂ ਨਿਰਦੇਸ਼ਾਂ ਨਾਲ ਹੁਣ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਅਤੇ ਕੇਂਦਰ ਸਰਕਾਰ ਵੱਲੋਂ NIA ਜਾਂਚ ਬਾਰੇ ਲਏ ਜਾਣ ਵਾਲੇ ਫ਼ੈਸਲੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
