Saturday, September 12Punjabi People

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਪੰਜਾਬੀਆਂ ਨੂੰ ਹਾਰਦਿਕ ਵਧਾਈ

ਚੰਡੀਗੜ੍ਹ, 3 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ, ਭਗਤੀ ਅਤੇ ਅਧਿਆਤਮਿਕਤਾ ਨਾਲ ਮਨਾਉਣ ਦੀ ਅਪੀਲ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਪਵਿੱਤਰ ਤਿਉਹਾਰ ਹੈ, ਜੋ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ, ਸੱਚ ਅਤੇ ਨਿਆਂ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ। ਇਹ ਪਾਵਨ ਦਿਹਾੜਾ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਅਤੇ ਅਧਰਮ ਉੱਤੇ ਧਰਮ ਦੀ ਸਥਾਪਨਾ ਦਾ ਸੰਦੇਸ਼ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖੀ ਜੀਵਨ ਲਈ ਬੇਹੱਦ ਪ੍ਰਸੰਗਿਕ ਹਨ। ਉਨ੍ਹਾਂ ਲੋਕਾਂ ਨੂੰ ਧਾਰਮਿਕਤਾ, ਸੱਚਾਈ, ਪਿਆਰ, ਦਇਆ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸਪੀਕਰ ਨੇ ਕਿਹਾ ਕਿ ਸਮਾਜ ਵਿੱਚ ਸ਼ਾਂਤੀ, ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੀ ਇਸ ਪਵਿੱਤਰ ਤਿਉਹਾਰ ਦੀ ਅਸਲ ਭਾਵਨਾ ਨੂੰ ਸਾਕਾਰ ਕਰਨਾ ਹੈ।

ਸ੍ਰੀ ਸੰਧਵਾਂ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਸਾਨੂੰ ਆਪਣੇ ਅੰਦਰ ਝਾਤ ਮਾਰਨ ਅਤੇ ਆਤਮਿਕ ਚੇਤਨਾ ਨੂੰ ਜਗਾਉਣ ਦਾ ਮੌਕਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਆਪਣੇ ਅੰਦਰ ਵੱਸਦੇ ਬ੍ਰਹਮ ਪ੍ਰਕਾਸ਼ ਨੂੰ ਮਹਿਸੂਸ ਕਰਨ, ਸੱਚ ਦੇ ਰਾਹ ’ਤੇ ਤੁਰਨ ਅਤੇ ਆਪਣੇ ਕਰਮਾਂ ਪ੍ਰਤੀ ਇਮਾਨਦਾਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।

ਸਪੀਕਰ ਨੇ ਕਿਹਾ ਕਿ ਸੱਚੀ ਸ਼ਰਧਾ ਸਿਰਫ਼ ਪੂਜਾ-ਪਾਠ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਦਾ ਪ੍ਰਗਟਾਵਾ ਸਾਡੇ ਚੰਗੇ ਕਰਮਾਂ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਪਿਆਰ ਵਿੱਚ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਦਿਹਾੜੇ ਸਾਨੂੰ ਪਰਮਾਤਮਾ ਦਾ ਨਿਰੰਤਰ ਸਿਮਰਨ ਕਰਨ ਅਤੇ ਉਸ ਦੀ ਯਾਦ ਵਿੱਚ ਸਦਾਚਾਰਕ ਤੇ ਨੇਕ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦੇ ਹਨ।

ਸ੍ਰੀ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਨ ਵਿੱਚ ਹਮੇਸ਼ਾ ਨੇਕ ਇਰਾਦੇ ਰੱਖਣ ਅਤੇ ਕਿਸੇ ਪ੍ਰਤੀ ਨਫ਼ਰਤ, ਈਰਖਾ ਜਾਂ ਮੰਦੀ ਭਾਵਨਾ ਨਾ ਪੈਦਾ ਹੋਣ ਦੇਣ। ਉਨ੍ਹਾਂ ਕਿਹਾ ਕਿ ਪਿਆਰ, ਸ਼ਾਂਤੀ, ਸਹਿਣਸ਼ੀਲਤਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਹੀ ਇੱਕ ਮਜ਼ਬੂਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੰਤ ਵਿੱਚ ਸਮੂਹ ਪੰਜਾਬ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਮੁੜ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਆਤਮਿਕ ਚਾਨਣ ਲੈ ਕੇ ਆਵੇ।

Leave a Reply

Your email address will not be published. Required fields are marked *