Wednesday, July 29Punjabi People

ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਅੱਜ, ਪ੍ਰਤਾਪ ਸਿੰਘ ਬਾਜਵਾ ਕਰਨਗੇ ਅਗਵਾਈ

ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ, ਪ੍ਰਤਾਪ ਸਿੰਘ ਬਾਜਵਾ ਕਰਨਗੇ ਅਗਵਾਈ

ਅੰਮ੍ਰਿਤਸਰ, 28 ਜੂਨ 2026:  ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਘਟਨਾ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਤਲਬਨਾਮੇ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਹੈ। ਇਸ ਬੈਠਕ ਨੂੰ ਪਾਰਟੀ ਲਈ ਰਣਨੀਤਕ ਤੌਰ ‘ਤੇ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦੌਰਾਨ ਮੌਜੂਦਾ ਸਿਆਸੀ ਸਥਿਤੀ ਅਤੇ ਅਗਲੇ ਕਦਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਹੋਵੇਗੀ। ਬੈਠਕ ਦੀ ਅਗਵਾਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਲਕੇ ਤਲਬ ਕੀਤੇ ਜਾਣ ਦੇ ਸੰਦਰਭ ਵਿੱਚ ਪਾਰਟੀ ਦਾ ਰੁਖ ਅਤੇ ਰਣਨੀਤੀ ਤੈਅ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਤਲਬਨਾਮੇ ਨਾਲ ਜੁੜੇ ਸਾਰੇ ਪੱਖਾਂ ‘ਤੇ ਵਿਚਾਰ ਹੋਣ ਦੇ ਨਾਲ-ਨਾਲ ਪਾਰਟੀ ਦੇ ਆਗਾਮੀ ਸਿਆਸੀ ਕਦਮਾਂ ਅਤੇ ਜਨਤਕ ਪੱਖ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਇਸ ਬੈਠਕ ਨੂੰ ਕਾਂਗਰਸ ਦੀ ਅੰਦਰੂਨੀ ਰਣਨੀਤੀ ਦੇ ਲਿਹਾਜ਼ ਨਾਲ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ, ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਪੂਰੀ ਨਿਮਰਤਾ ਅਤੇ ਸਤਿਕਾਰ ਨਾਲ ਆਪਣਾ ਪੱਖ ਪੇਸ਼ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਵਉੱਚ ਅਤੇ ਪਵਿੱਤਰ ਧਾਰਮਿਕ ਅਸਥਾਨ ਹੈ, ਜਿਸ ਪ੍ਰਤੀ ਹਰ ਸਿੱਖ ਦੇ ਮਨ ਵਿੱਚ ਅਟੁੱਟ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਹੁਕਮ ਅਤੇ ਆਦੇਸ਼ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਤਲਬ ਕੀਤੇ ਗਏ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ ਅਤੇ ਉੱਥੇ ਸਰਕਾਰ ਦੀ ਸਥਿਤੀ ਅਤੇ ਆਪਣਾ ਪੱਖ ਪੂਰੀ ਨਿਮਰਤਾ ਨਾਲ ਰੱਖਣਗੇ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਬਣੀ ਹੋਈ ਹੈ ਅਤੇ ਸਭ ਦੀਆਂ ਨਜ਼ਰਾਂ ਹੁਣ ਸੋਮਵਾਰ ਨੂੰ ਹੋਣ ਵਾਲੀ ਪੇਸ਼ੀ ਅਤੇ ਉਸ ਤੋਂ ਬਾਅਦ ਦੇ ਘਟਨਾਕ੍ਰਮ ‘ਤੇ ਟਿਕੀਆਂ ਹੋਈਆਂ ਹਨ।

Leave a Reply

Your email address will not be published. Required fields are marked *