
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਜਿਊਣ ਦਾ ਮੌਕਾ ਮਿਲੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਮੋਲਕ ਧਰੋਹਰ ਹਨ। ਉਨ੍ਹਾਂ ਦਾ ਜੀਵਨ ਅਨੁਭਵ, ਸਿਆਣਪ ਅਤੇ ਯੋਗਦਾਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ, ਅਣਗੌਲਿਆ ਜਾਂ ਬੇਸਹਾਰਾ ਮਹਿਸੂਸ ਨਾ ਕਰੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਪੂਰੀ ਉਮਰ ਪਰਿਵਾਰਾਂ ਦੀ ਪਰਵਰਿਸ਼ ਕਰਨ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਸਮਰਪਿਤ ਕੀਤੀ ਹੈ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਹਰ ਸੰਭਵ ਸਹਾਰਾ ਦੇਣਾ ਸਮਾਜ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਅਤੇ ਬਿਹਤਰ ਪ੍ਰਬੰਧਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਕਮ ਨਾਲ ਬਿਰਧ ਘਰਾਂ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਉੱਚ ਪੱਧਰੀ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੇਵਾਵਾਂ, ਮਨੋਰੰਜਨ ਸਹੂਲਤਾਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੂਬੇ ਭਰ ਵਿੱਚ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਹ ਸੰਸਥਾਵਾਂ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਜਨਕ ਵਾਤਾਵਰਣ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ, ਮਾਨਸਿਕ ਜਾਂ ਸਰੀਰਕ ਸ਼ੋਸ਼ਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ। ਅਜਿਹੇ ਮਾਮਲਿਆਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਚੌਵੀ ਘੰਟੇ ਉਪਲਬਧ ਹੈ। ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਨੂੰ ਤਰਜੀਹੀ ਆਧਾਰ ‘ਤੇ ਨਿਪਟਾਇਆ ਜਾਂਦਾ ਹੈ ਤਾਂ ਜੋ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਅੰਕੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਸੀਨੀਅਰ ਨਾਗਰਿਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਂਦੀਆਂ ਰਹਿਣਗੀਆਂ।
ਉਨ੍ਹਾਂ ਅੰਤ ਵਿੱਚ ਕਿਹਾ, “ਸਾਡੇ ਬਜ਼ੁਰਗ ਸਾਡਾ ਮਾਣ ਹਨ। ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਦੀ ਮੁਸਕਰਾਹਟ ਹੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਕਾਮਯਾਬੀ ਹੈ।”
