Wednesday, July 29Punjabi People

ਪੰਜਾਬ ਸਰਕਾਰ ਮਹਿਲਾਵਾਂ ਲਈ ਇਕ ਹੋਰ ਵੱਡੇ ਤੋਹਫ਼ੇ ਦੀ ਤਿਆਰੀ ਵਿੱਚ

ਚੰਡੀਗੜ੍ਹ, 8 ਜੁਲਾਈ 2026:   ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਤੋਂ ਬਾਅਦ ਹੁਣ ਸਰਕਾਰ ਨੇ ‘ਮਾਵਾਂ-ਧੀਆਂ ਦੀ ਹੱਟੀ’ ਸਕੀਮ ਨੂੰ ਅਮਲੀ ਰੂਪ ਦੇਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਪਣਾ ਛੋਟਾ ਕਾਰੋਬਾਰ ਸ਼ੁਰੂ ਕਰਨ ਲਈ ਮੁਫ਼ਤ ਵਪਾਰਕ ਜਗ੍ਹਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨਾ ਹੈ।

ਸੂਤਰਾਂ ਅਨੁਸਾਰ, ਇਸ ਸਕੀਮ ਦਾ ਮੁੱਢਲਾ ਖ਼ਾਕਾ ਅਪਰੈਲ ਮਹੀਨੇ ਦੌਰਾਨ ਹੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਹੁਣ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਰ ਬਲਾਕ ਪੱਧਰ ‘ਤੇ ‘ਮਾਵਾਂ-ਧੀਆਂ ਦੀ ਹੱਟੀ’ ਦੇ ਨਾਂ ਹੇਠ ਕਮਰਸ਼ੀਅਲ ਬੂਥ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਨਵੀਆਂ ਦੁਕਾਨਾਂ ਦੀ ਲੋੜ ਹੋਵੇਗੀ, ਉੱਥੇ ਉਨ੍ਹਾਂ ਦੀ ਉਸਾਰੀ ਕੀਤੀ ਜਾਵੇਗੀ, ਜਦਕਿ ਕਈ ਬਲਾਕਾਂ ਵਿੱਚ ਪਹਿਲਾਂ ਤੋਂ ਮੌਜੂਦ ਸਰਕਾਰੀ ਵਪਾਰਕ ਦੁਕਾਨਾਂ ਨੂੰ ਇਸ ਸਕੀਮ ਅਧੀਨ ਨਵੇਂ ਰੂਪ ਵਿੱਚ ਚਲਾਇਆ ਜਾਵੇਗਾ।

ਯੋਜਨਾ ਤਹਿਤ ਚੁਣੀਆਂ ਗਈਆਂ ਮਹਿਲਾਵਾਂ ਨੂੰ ਆਪਣਾ ਕਾਰੋਬਾਰ ਚਲਾਉਣ ਲਈ ਕਮਰਸ਼ੀਅਲ ਜਗ੍ਹਾ ਮੁਫ਼ਤ ਦਿੱਤੀ ਜਾਵੇਗੀ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦਾ ਕਿਰਾਇਆ ਨਹੀਂ ਲਿਆ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਪਹਿਲ ਨਾਲ ਮਹਿਲਾਵਾਂ ਨੂੰ ਆਪਣਾ ਰੁਜ਼ਗਾਰ ਸਥਾਪਤ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਆਰਥਿਕ ਤੌਰ ‘ਤੇ ਵਧੇਰੇ ਖੁਦਮੁਖਤਿਆਰ ਬਣ ਸਕਣਗੀਆਂ।

ਸਰਕਾਰ ਦੀ ਯੋਜਨਾ ਅਨੁਸਾਰ ਪਹਿਲੇ ਪੜਾਅ ਵਿੱਚ ਸੂਬੇ ਦੇ ਹਰ ਬਲਾਕ ਪੱਧਰ ‘ਤੇ ਇੱਕ ‘ਮਾਵਾਂ-ਧੀਆਂ ਦੀ ਹੱਟੀ’ ਸਥਾਪਤ ਕੀਤੀ ਜਾਵੇਗੀ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਇਸ ਸਕੀਮ ਦਾ ਵਿਸਥਾਰ ਕਰਦਿਆਂ ਹਰ ਪਿੰਡ ਵਿੱਚ ਅਜਿਹੀ ਹੱਟੀ ਖੋਲ੍ਹਣ ਦੀ ਯੋਜਨਾ ਹੈ, ਤਾਂ ਜੋ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਨੂੰ ਵੀ ਆਪਣੇ ਘਰ ਦੇ ਨੇੜੇ ਹੀ ਰੁਜ਼ਗਾਰ ਦੇ ਮੌਕੇ ਉਪਲਬਧ ਹੋ ਸਕਣ।

ਅਧਿਕਾਰੀਆਂ ਮੁਤਾਬਕ ਇੱਕ ਕਮਰਸ਼ੀਅਲ ਦੁਕਾਨ ਦੀ ਉਸਾਰੀ ‘ਤੇ ਲਗਭਗ ਸੱਤ ਲੱਖ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਦੀ ਪਛਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਇਸ ਸਬੰਧੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

ਸਰਕਾਰ ਨੂੰ ਉਮੀਦ ਹੈ ਕਿ ‘ਮਾਵਾਂ-ਧੀਆਂ ਦੀ ਹੱਟੀ’ ਸਕੀਮ ਨਾ ਸਿਰਫ਼ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰੇਗੀ, ਸਗੋਂ ਪੇਂਡੂ ਆਰਥਿਕਤਾ ਨੂੰ ਵੀ ਨਵੀਂ ਰਫ਼ਤਾਰ ਦੇਵੇਗੀ ਅਤੇ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।

Leave a Reply

Your email address will not be published. Required fields are marked *