
ਅੰਮ੍ਰਿਤਸਰ, 2 ਅਗਸਤ 2026: ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਇੱਕ ਮੋਟਰਸਾਈਕਲ, ਇੱਕ ਮੋਬਾਈਲ ਫ਼ੋਨ ਅਤੇ 1,000 ਰੁਪਏ ਦੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਨੂਰਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਸ ਅਨੁਸਾਰ ਗਸ਼ਤ ਦੌਰਾਨ ਮੇਨ ਜੀਟੀ ਰੋਡ ‘ਤੇ ਮੌਜੂਦ ਟੀਮ ਨੂੰ ਇੱਕ ਭਰੋਸੇਯੋਗ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਕਥਿਤ ਤੌਰ ‘ਤੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਅਟਾਰੀ ਸਰਹੱਦੀ ਖੇਤਰ ਰਾਹੀਂ ਡਰੋਨ ਅਤੇ ਹੋਰ ਤਰੀਕਿਆਂ ਨਾਲ ਭੇਜੀਆਂ ਜਾ ਰਹੀਆਂ ਹੈਰੋਇਨ ਦੀਆਂ ਖੇਪਾਂ ਦੀ ਤਸਕਰੀ ਨਾਲ ਜੁੜਿਆ ਹੋਇਆ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।
ਮੁੱਢਲੀ ਜਾਂਚ ਤੋਂ ਬਾਅਦ ਪੁਲਸ ਹੁਣ ਇਸ ਪੂਰੇ ਡਰੱਗ ਸਮੱਗਲਿੰਗ ਨੈੱਟਵਰਕ ਦੀਆਂ ਕੜੀਆਂ ਖੰਗਾਲਣ ਵਿੱਚ ਜੁਟੀ ਹੋਈ ਹੈ। ਨਾਲ ਹੀ ਮੁਲਜ਼ਮ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
