
ਅੰਮ੍ਰਿਤਸਰ, 6 ਨਵੰਬਰ 2026: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚਲਾਏ ਜਾ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਦੀ ਟੀਮ ਨੇ ਇੱਕ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਲਈ ਵਰਤੇ ਜਾ ਰਹੇ ਦੋ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੂਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਅਤੇ ਕਮਲਪਾਲ ਸਿੰਘ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਇਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ ’ਤੇ ਚੱਲ ਰਿਹਾ ਸੀ ਨੈੱਟਵਰਕ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਨਸ਼ਾ ਤਸਕਰੀ ਦਾ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਵਿਦੇਸ਼ੀ ਹੈਂਡਲਰ ਵੱਲੋਂ ਲੋਪੋਕੇ ਇਲਾਕੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਭੇਜੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਹੋਰਨਾਂ ਵਿਅਕਤੀਆਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।
ਭਾਰਤਮਾਲਾ ਹਾਈਵੇਅ ਪੁਲ ਨੇੜੇ ਵਿਛਾਇਆ ਜਾਲ
ਡੀਜੀਪੀ ਗੌਰਵ ਯਾਦਵ ਅਨੁਸਾਰ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚਾਰ ਵਿਅਕਤੀ ਲੋਪੋਕੇ ਦੇ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕਰਕੇ ਅੰਮ੍ਰਿਤਸਰ-ਲੋਪੋਕੇ ਰੋਡ ਰਾਹੀਂ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਹਨ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਭਾਰਤਮਾਲਾ ਹਾਈਵੇਅ ਪੁਲ ਨੇੜੇ ਨਾਕਾਬੰਦੀ ਕਰਕੇ ਛਾਪੇਮਾਰੀ ਕੀਤੀ। ਇਸ ਦੌਰਾਨ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਨਸ਼ੇ ਦੀ ਸਪਲਾਈ ਲਈ ਵਰਤੇ ਜਾਂਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ।
ਪਰਮਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਤਿੰਨ ਮਾਮਲੇ
ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਰਮਜੀਤ ਸਿੰਘ ਦਾ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਤਿੰਨ ਕੇਸ ਦਰਜ ਹਨ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਪੂਰੇ ਤਸਕਰੀ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਵਿਦੇਸ਼ ਵਿੱਚ ਬੈਠੇ ਹੈਂਡਲਰ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਮਾਮਲੇ ਵਿੱਚ 6 ਨਵੰਬਰ 2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 72 ਦਰਜ ਕੀਤੀ ਗਈ ਹੈ। ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
