Wednesday, July 29Punjabi People

ਅੰਮ੍ਰਿਤਸਰ ‘ਚ ਦਹਿਸ਼ਤੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਇੱਕ ਸ਼ੱਕੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2026: ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕਥਿਤ ਸਰਹੱਦ ਪਾਰ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਇੱਕ ਨੌਜਵਾਨ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ। ਉਹ ਰੂਪਨਗਰ ਦੇ ਪਿੰਡ ਸੁਖਸਾਲ ਦਾ ਵਸਨੀਕ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਇਲਾਕੇ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰਾਂ ਤੋਂ ਇਲਾਵਾ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਇੰਸਟਾਗ੍ਰਾਮ ਰਾਹੀਂ ਪਾਕਿਸਤਾਨ ਸਥਿਤ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਮੁਤਾਬਕ ਉਸ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਭੰਗ ਕਰਨ ਦੇ ਮਕਸਦ ਨਾਲ ਪੁਲਿਸ ਸਥਾਪਨਾਵਾਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਹੈਂਡਲਰਾਂ ਦੀ ਪਛਾਣ ਲਈ ਜਾਂਚ ਕਰ ਰਹੀ ਹੈ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਪਹਿਲੀ ਤਲਾਸ਼ੀ ਵਿੱਚ ਉਸ ਦੇ ਕਬਜ਼ੇ ਵਿੱਚੋਂ 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਨੇ ਇੱਕ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ, ਜਿਸ ਨਾਲ ਕਥਿਤ ਸਰਹੱਦ ਪਾਰ ਸਬੰਧਾਂ ਅਤੇ ਵੱਡੀ ਸਾਜ਼ਿਸ਼ ਦੇ ਇਸ਼ਾਰੇ ਮਿਲੇ ਹਨ।

ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਅਪਰਾਧਿਕ ਮਾਮਲਾ ਦਰਜ ਹੈ।

ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਅਸਲਾ ਐਕਟ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *