
ਚੰਡੀਗੜ੍ਹ, 29 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 129ਵੇਂ ਦਿਨ ਵੀ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ। ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 438 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਦਿਆਂ ਪੰਜਾਬ ਪੁਲਿਸ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੁਹਿੰਮ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਇੱਕ ਫੈਸਲਾਕੁੰਨ ਜੰਗ ਵਜੋਂ ਦੇਖੀ ਜਾ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਸਰਚ ਆਪਰੇਸ਼ਨ ਚਲਾ ਰਹੀਆਂ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ ਇੱਕ ਹਥਿਆਰ ਵੀ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 32,553 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜੋ ਕਿ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਮੰਨੀ ਜਾ ਰਹੀ ਹੈ।
ਇਸ ਤੋਂ ਇਲਾਵਾ ਪੁਲਿਸ ਨੇ 96 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ, ਜਦਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ (ਪੀਓ) ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ।
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕਰਨ, ਤਾਂ ਜੋ ਅਪਰਾਧਿਕ ਗਤੀਵਿਧੀਆਂ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ।
ਇਸਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵੀ 454ਵੇਂ ਦਿਨ ਜਾਰੀ ਰਹੀ। ਅੱਜ ਦੀ ਕਾਰਵਾਈ ਦੌਰਾਨ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 366 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 1,855 ਨਸ਼ੀਲੀਆਂ ਗੋਲੀਆਂ ਅਤੇ 29,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਅਨੁਸਾਰ, ਪਿਛਲੇ 454 ਦਿਨਾਂ ਵਿੱਚ ਕੁੱਲ 65,775 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਅੱਜ 10 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ ਹੈ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਅਪਰਾਧ ਦੀ ਦੁਨੀਆ ਤੋਂ ਬਚਾਉਣ ਲਈ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
