
ਚੰਡੀਗੜ੍ਹ, 3 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 164ਵੇਂ ਦਿਨ ਵੀ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧੀਆਂ ਨਾਲ ਸਬੰਧਤ 534 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਨੇ ਪੰਜ ਹਥਿਆਰ ਵੀ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।
ਪੰਜਾਬ ਪੁਲਿਸ ਅਨੁਸਾਰ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 43,127 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 164ਵੇਂ ਦਿਨ ਦੀ ਕਾਰਵਾਈ ਦੌਰਾਨ 206 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਦੋ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਕਾਬੂ ਕਰਨ ਵਿੱਚ ਸਫ਼ਲਤਾ ਮਿਲੀ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਕਿਸੇ ਵੀ ਸ਼ੱਕੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਗੁਪਤ ਤੌਰ ’ਤੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ’ਤੇ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵੀ 489ਵੇਂ ਦਿਨ ਜਾਰੀ ਰੱਖਿਆ। ਅੱਜ ਦੀ ਕਾਰਵਾਈ ਦੌਰਾਨ 187 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ, 712 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਪੁਲਿਸ ਦੇ ਅੰਕੜਿਆਂ ਮੁਤਾਬਕ, ਇਸ ਮੁਹਿੰਮ ਦੇ 489 ਦਿਨਾਂ ਦੌਰਾਨ ਹੁਣ ਤੱਕ 71,538 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਨਸ਼ਾ ਮੁਕਤੀ ਅਤੇ ਮੁੜ ਵਸੇਬੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਤੇ ਪੁਨਰਵਾਸ ਲਈ ਰਾਜ਼ੀ ਕਰਕੇ ਸਬੰਧਤ ਕੇਂਦਰਾਂ ਵਿੱਚ ਭੇਜਿਆ ਗਿਆ।
ਪੰਜਾਬ ਪੁਲਿਸ ਨੇ ਦੁਹਰਾਇਆ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ, ਤਾਂ ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
