Wednesday, July 29Punjabi People

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 182ਵਾਂ ਦਿਨ: 646 ਥਾਈਂ ਰੇਡ, 326 ਸ਼ੱਕੀ ਪੁਲਿਸ ਦੇ ਹੱਥੇ ਚੜ੍ਹੇ

ਚੰਡੀਗੜ੍ਹ, 22 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 182ਵੇਂ ਦਿਨ ਵੀ ਸੂਬਾ ਪੱਧਰ ‘ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧੀਆਂ ਦੇ 646 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 326 ਵਿਅਕਤੀਆਂ ਨੂੰ ਕਾਬੂ ਕੀਤਾ।

ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰੋਜ਼ਾਨਾ ਅਧਾਰ ‘ਤੇ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਦਿਨ ਦੀ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 51,256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਰੋਕਥਾਮੀ (Preventive) ਕਾਰਵਾਈ ਵੀ ਕੀਤੀ ਗਈ, ਜਦਕਿ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਗਿਆ।

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਠਿਤ ਅਪਰਾਧ, ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਸੇ ਦੌਰਾਨ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੀ 507ਵੇਂ ਦਿਨ ਲਗਾਤਾਰ ਜਾਰੀ ਰੱਖਿਆ। ਇਸ ਕਾਰਵਾਈ ਦੌਰਾਨ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 110 ਕਿਲੋਗ੍ਰਾਮ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 1,460 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲਿਸ ਅਨੁਸਾਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 507 ਦਿਨਾਂ ਦੌਰਾਨ ਹੁਣ ਤੱਕ 74,170 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਨਸ਼ਾ ਮੁਕਤੀ ਅਤੇ ਸਮਾਜਿਕ ਪੁਨਰਵਸੇਬੇ ਨੂੰ ਉਤਸ਼ਾਹਿਤ ਕਰਨ ਲਈ ਅੱਜ 9 ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖ਼ਲ ਹੋਣ ਲਈ ਪ੍ਰੇਰਿਤ ਕੀਤਾ ਗਿਆ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Leave a Reply

Your email address will not be published. Required fields are marked *