
ਚੰਡੀਗੜ੍ਹ, 6 ਅਗਸਤ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਅੱਜ 198ਵੇਂ ਦਿਨ ਸੂਬਾ ਭਰ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ 633 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਕਾਰਵਾਈ ਕਰਦਿਆਂ ਪੁਲਿਸ ਨੇ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਦੋ ਹਥਿਆਰ ਵੀ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਨੇ ਦੱਸਿਆ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਉਦੇਸ਼ ਸੰਗਠਿਤ ਅਪਰਾਧ ‘ਤੇ ਨਕੇਲ ਕੱਸਦਿਆਂ ਪੰਜਾਬ ਨੂੰ ਗੈਂਗਸਟਰਾਂ ਦੇ ਪ੍ਰਭਾਵ ਤੋਂ ਮੁਕਤ ਕਰਨਾ ਹੈ।
AGTF ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ
ਅੱਜ ਦੀ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਗੈਂਗਸਟਰਾਂ ਨਾਲ ਜੁੜੇ ਵਿਅਕਤੀਆਂ, ਉਨ੍ਹਾਂ ਦੇ ਸਾਥੀਆਂ ਅਤੇ ਸ਼ੱਕੀ ਠਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਪੁਲਿਸ ਮੁਤਾਬਕ, ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 57,329 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਚੱਲ ਰਹੀ ਕਾਰਵਾਈ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
215 ਖ਼ਿਲਾਫ਼ ਇਹਤਿਆਤੀ ਕਾਰਵਾਈ, 11 ਭਗੌੜੇ ਵੀ ਕਾਬੂ
ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਨੇ 215 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਲੋਕਾਂ ਨੂੰ ਗੁਪਤ ਸੂਚਨਾ ਦੇਣ ਦੀ ਅਪੀਲ
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਕਿਸੇ ਗੈਂਗਸਟਰ, ਭਗੌੜੇ ਅਪਰਾਧੀ ਜਾਂ ਅਪਰਾਧਿਕ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਐਂਟੀ ਗੈਂਗਸਟਰ ਹੈਲਪਲਾਈਨ 93946-93946 ‘ਤੇ ਪੂਰੀ ਤਰ੍ਹਾਂ ਗੁਪਤ ਢੰਗ ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੁਲਿਸ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਜਾਰੀ
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 523ਵੇਂ ਦਿਨ ਵੀ ਸਖ਼ਤ ਕਾਰਵਾਈ ਕਰਦਿਆਂ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ:
- 10.6 ਕਿਲੋਗ੍ਰਾਮ ਹੈਰੋਇਨ
- 326 ਨਸ਼ੀਲੀਆਂ ਗੋਲੀਆਂ
ਬਰਾਮਦ ਕੀਤੀਆਂ ਹਨ।
ਪੁਲਿਸ ਅਨੁਸਾਰ, ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 75,549 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਨਸ਼ਾ ਤਸਕਰੀ ਖ਼ਿਲਾਫ਼ ਸੂਬਾ ਪੱਧਰ ‘ਤੇ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਦਾ ਨਤੀਜਾ ਹੈ।
ਨਸ਼ਾ ਛੁਡਾਊ ਅਤੇ ਮੁੜ ਵਸੇਬੇ ‘ਤੇ ਵੀ ਜ਼ੋਰ
ਪੰਜਾਬ ਪੁਲਿਸ ਨੇ ਸਿਰਫ਼ ਕਾਨੂੰਨੀ ਕਾਰਵਾਈ ਤੱਕ ਹੀ ਆਪਣੇ ਯਤਨਾਂ ਨੂੰ ਸੀਮਤ ਨਹੀਂ ਰੱਖਿਆ, ਸਗੋਂ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੀ ਮੁਹਿੰਮ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ।
ਅੱਜ ਦੀ ਕਾਰਵਾਈ ਦੌਰਾਨ ਸੱਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੇ ਕੇਂਦਰਾਂ ਨਾਲ ਜੋੜਿਆ ਗਿਆ, ਤਾਂ ਜੋ ਉਹ ਮੁੜ ਆਮ ਅਤੇ ਸਿਹਤਮੰਦ ਜੀਵਨ ਬਤੀਤ ਕਰ ਸਕਣ।
ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਲਈ ਇਹ ਦੋਵੇਂ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਦ੍ਰਿੜਤਾ ਨਾਲ ਜਾਰੀ ਰਹਿਣਗੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
