Saturday, June 6Punjabi People

ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਲਈ ਪੰਜਾਬ ‘ਚ SIR ਅਭਿਆਨ ਛੇਤੀ, CEO ਨੇ ਕੀਤਾ ਐਲਾਨ

ਚੰਡੀਗੜ੍ਹ /ਰੂਪਨਗਰ, 6 ਜੂਨ 2026: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ (SIR) ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮੌਜੂਦਾ ਵੋਟਰ ਸੂਚੀਆਂ ਦਾ ਸਾਲ 2003 ਦੀਆਂ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾਵੇਗਾ, ਤਾਂ ਜੋ ਗਲਤ ਜਾਂ ਫਰਜ਼ੀ ਨਾਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਇਆ ਜਾ ਸਕੇ ਅਤੇ ਯੋਗ ਨਵੇਂ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ।

ਇਸ ਸਬੰਧੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਰੂਪਨਗਰ ਵਿਖੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਮੁਹਿੰਮ ਦੀਆਂ ਤਿਆਰੀਆਂ ਅਤੇ ਹੁਣ ਤੱਕ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਤਰੁਟੀ-ਰਹਿਤ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਅਤੇ ਮੈਪਿੰਗ ਦਾ ਕੰਮ ਸਰਗਰਮੀ ਨਾਲ ਕਰ ਰਹੇ ਹਨ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮਕਸਦ ਫਰਜ਼ੀ ਅਤੇ ਅਯੋਗ ਵੋਟਰਾਂ ਦੇ ਨਾਮ ਸੂਚੀਆਂ ਵਿੱਚੋਂ ਹਟਾਉਣਾ, ਨਵੇਂ ਯੋਗ ਵੋਟਰਾਂ ਨੂੰ ਦਰਜ ਕਰਨਾ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਮੌਜੂਦ ਗਲਤੀਆਂ ਨੂੰ ਦੂਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦੇ ਪਤੇ ਜਾਂ ਹੋਰ ਜਾਣਕਾਰੀ ਵਿੱਚ ਕੋਈ ਤਕਨੀਕੀ ਜਾਂ ਪ੍ਰਿੰਟਿੰਗ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਵੀ ਇਸ ਪ੍ਰਕਿਰਿਆ ਦੌਰਾਨ ਠੀਕ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਹੋਣ ਵਾਲੇ ਸਾਰੇ ਦਾਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਰੂਪਨਗਰ ਦੇ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ., ਤਹਿਸੀਲਦਾਰਾਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਅਨਿੰਦਿਤਾ ਮਿਤਰਾ ਨੇ ਭਰੋਸਾ ਜਤਾਇਆ ਕਿ SIR ਮੁਹਿੰਮ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੀਆਂ ਵੋਟਰ ਸੂਚੀਆਂ ਹੋਰ ਵੱਧ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਨਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਭਵਿੱਖ ਦੀਆਂ ਚੋਣਾਂ ਵਿੱਚ ਵੋਟਿੰਗ ਪ੍ਰਕਿਰਿਆ ਦੀ ਨਿਰਪੱਖਤਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਵਧੇਗਾ।

Leave a Reply

Your email address will not be published. Required fields are marked *