
ਚੰਡੀਗੜ੍ਹ, 6 ਜੂਨ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ 6 ਜੂਨ ਲਈ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤਿੰਨ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਯੈਲੋ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਵਿਭਾਗ ਵੱਲੋਂ ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਜੇਕਰ ਮਾਨਸੂਨ ਦੀ ਮੌਜੂਦਾ ਰਫ਼ਤਾਰ ਅਤੇ ਮੌਸਮੀ ਹਾਲਾਤ ਅਨੁਕੂਲ ਰਹੇ ਤਾਂ ਇਹ 20 ਤੋਂ 25 ਜੂਨ ਦਰਮਿਆਨ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਹਾਲਾਂਕਿ ਇਸ ਸਾਲ ਸੂਬੇ ਵਿੱਚ ਮਾਨਸੂਨੀ ਵਰਖਾ ਆਮ ਨਾਲੋਂ 8 ਤੋਂ 10 ਫੀਸਦੀ ਘੱਟ ਰਹਿਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜੂਨ ਦੇ ਅੱਧ ਤੋਂ ਪ੍ਰੀ-ਮਾਨਸੂਨ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ, ਜਿਸ ਕਾਰਨ ਕਈ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਬਾਰਿਸ਼ ਦੇ ਮੌਕੇ ਬਣਣਗੇ। ਪਿਛਲੇ 24 ਘੰਟਿਆਂ ਦੌਰਾਨ ਹੋਈ ਵਰਖਾ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ।
ਇਸ ਵੇਲੇ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਚੱਲ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 42 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।
ਦੱਖਣ-ਪੱਛਮੀ ਮਾਨਸੂਨ 5 ਜੂਨ ਤੱਕ ਦੇਸ਼ ਦੇ ਦੱਖਣੀ ਅਤੇ ਉੱਤਰ-ਪੂਰਬੀ ਖੇਤਰਾਂ ਵਿੱਚ ਅੱਗੇ ਵਧ ਚੁੱਕਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ ਦੇ ਹੋਰ ਹਿੱਸਿਆਂ ਤੱਕ ਪਹੁੰਚ ਸਕਦਾ ਹੈ।
ਇਸ ਸਮੇਂ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ ਉੱਤਰੀ ਭਾਰਤ ਦੇ ਮੌਸਮ ਉੱਤੇ ਵੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਅਰਬ ਸਾਗਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਨੇੜੇ ਬਣਿਆ ਚੱਕਰਵਾਤੀ ਸਰਕੂਲੇਸ਼ਨ ਵੀ ਮੌਸਮੀ ਗਤੀਵਿਧੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਸੁਰੇਂਦਰ ਪਾਲ ਦੇ ਅਨੁਸਾਰ 6, 7 ਅਤੇ 11 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਕਰਕੇ 6 ਅਤੇ 11 ਜੂਨ ਨੂੰ ਕਈ ਥਾਵਾਂ ‘ਤੇ ਗਰਜ-ਚਮਕ, ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
7 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ, ਪਰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਅੰਸ਼ਕ ਬੱਦਲਵਾਈ ਰਹਿਣ ਅਤੇ ਤਾਪਮਾਨ ਵਿੱਚ ਹਲਕੀ ਗਿਰਾਵਟ ਆਉਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
