
ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਕਾਂਗਰਸ ਨੇ ਵੀ ਆਪਣੀਆਂ ਚੋਣ ਤਿਆਰੀਆਂ ਨੂੰ ਹੁਲਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼ਨੀਵਾਰ ਨੂੰ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸਮੇਤ ਪੰਜਾਬ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਸ਼ਾਮਲ ਹੋਏ। ਕਰੀਬ ਦੋ ਘੰਟੇ ਚੱਲੀ ਇਸ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਚੋਣ ਤਿਆਰੀਆਂ ਅਤੇ ਪਾਰਟੀ ਦੀ ਅਗਲੀ ਰਣਨੀਤੀ ’ਤੇ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦਾ ਮੁੱਦਾ ਵੀ ਚਰਚਾ ਵਿੱਚ ਰਿਹਾ। ਇਸ ਸਬੰਧੀ ਕਾਂਗਰਸੀ ਆਗੂਆਂ ਨੇ ‘ਆਪ’ ਦੀ ਚੋਣ ਰਣਨੀਤੀ ’ਤੇ ਸਵਾਲ ਚੁੱਕੇ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਦੀ ਪਹਿਲੀ ਉਮੀਦਵਾਰ ਸੂਚੀ ਬਾਰੇ ਟਿੱਪਣੀ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੇ ਉਨ੍ਹਾਂ ਆਗੂਆਂ ਨੂੰ ਆਪਣੇ ਨਾਲ ਜੋੜੀ ਰੱਖਣ ਲਈ ਪਹਿਲਾਂ ਹੀ ਟਿਕਟਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਦੂਜੀਆਂ ਪਾਰਟੀਆਂ ਵਿੱਚ ਜਾਣ ਦੀ ਸੰਭਾਵਨਾ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਹਿਲਾਂ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਵਿੱਚ ਤਬਦੀਲੀ ਕਰਨ ਦਾ ਰਿਕਾਰਡ ਰਿਹਾ ਹੈ। ਵੜਿੰਗ ਨੇ ਪਹਿਲੀ ਸੂਚੀ ਵਿੱਚ ਹਰਪਾਲ ਸਿੰਘ ਰੰਧਾਵਾ ਦਾ ਨਾਮ ਨਾ ਹੋਣ ’ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਹਰਪਾਲ ਸਿੰਘ ਚੀਮਾ ਵਰਗੇ ਪ੍ਰਮੁੱਖ ਆਗੂਆਂ ਦੇ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ।
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੁਕਾਬਲੇ ਕਿਸੇ ਵੱਡੇ ਜਾਂ ਵਿਸ਼ੇਸ਼ ਚਿਹਰੇ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕੋਈ ਵੀ ਵਰਕਰ ਉਨ੍ਹਾਂ ਵਿਰੁੱਧ ਚੋਣ ਲੜ ਸਕਦਾ ਹੈ।
ਚੰਨੀ ਨੇ ਇਹ ਵੀ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਲੜਾਈ ਵਿੱਚ ਸੂਬੇ ਦੇ ਲੋਕਾਂ ਦੇ ਨਾਲ ਖੜ੍ਹੀ ਰਹੇਗੀ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਮੀਟਿੰਗ ਨੂੰ ਪੰਜਾਬ ਵਿੱਚ ਕਾਂਗਰਸ ਦੀ ਚੋਣ ਰਣਨੀਤੀ ਤਿਆਰ ਕਰਨ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ।
