
ਚੰਡੀਗੜ੍ਹ, 30 ਅਗਸਤ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਭਾਜਪਾ ਨਾਲ ਸ਼ਰਤਾਂ ਦੇ ਆਧਾਰ ’ਤੇ ਗੱਠਜੋੜ ਕਰਨ ਲਈ ਸਹਿਮਤੀ ਜਤਾਈ ਹੈ।
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੱਖਣ ਸ਼ਾਹ ਲੁਬਾਣਾ ਭਵਨ ਵਿਖੇ ਸੀਨੀਅਰ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਭਾਜਪਾ ਨਾਲ ਕੋਈ ਸਿਆਸੀ ਸਮਝੌਤਾ ਹੁੰਦਾ ਹੈ ਤਾਂ ਉਸ ਦਾ ਮੁੱਖ ਆਧਾਰ ਪੰਜਾਬ ਦੇ ਹਿੱਤ, ਪੰਜਾਬ ਦੇ ਮੁੱਦੇ ਅਤੇ ਪੰਥਕ ਮਸਲੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ 1996 ਵਿੱਚ ਬਾਦਲ ਪਰਿਵਾਰ ਵੱਲੋਂ ਭਾਜਪਾ ਨਾਲ ਕੀਤੇ ਗਏ ਕਥਿਤ ਬਿਨਾਂ ਸ਼ਰਤ ਗੱਠਜੋੜ ਦੀ ਤਰਜ਼ ’ਤੇ ਨਹੀਂ ਹੋਵੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਸਿਆਸੀ ਗੱਠਜੋੜ ਤੋਂ ਪਹਿਲਾਂ ਪੰਜਾਬ ਅਤੇ ਪੰਥ ਨਾਲ ਸਬੰਧਤ ਮੁੱਖ ਮੁੱਦਿਆਂ ’ਤੇ ਸਪੱਸ਼ਟਤਾ ਅਤੇ ਸਹਿਮਤੀ ਜ਼ਰੂਰੀ ਹੋਵੇਗੀ।
ਬਾਦਲ ਪਰਿਵਾਰ ਤੋਂ ਇਲਾਵਾ ਹੋਰ ਅਕਾਲੀ ਧੜਿਆਂ ਲਈ ਦਰਵਾਜ਼ੇ ਖੁੱਲ੍ਹੇ
ਮੀਟਿੰਗ ਵਿੱਚ ਸ਼ਾਮਲ ਸੀਨੀਅਰ ਆਗੂਆਂ ਨੇ ਕਿਹਾ ਕਿ ਪਾਰਟੀ ਪੰਜਾਬ ਦੀ ਸਿਆਸਤ ਵਿੱਚ ਇੱਕ ਵਿਆਪਕ ਅਕਾਲੀ ਅਤੇ ਪੰਥਕ ਏਕਤਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਧੜਿਆਂ ਅਤੇ ਪੰਥਕ ਜਥੇਬੰਦੀਆਂ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ।
ਮੀਟਿੰਗ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਡਾ. ਰਤਨ ਸਿੰਘ ਅਜਨਾਲਾ, ਗੋਬਿੰਦ ਸਿੰਘ ਲੌਂਗੋਵਾਲ, ਸਰਵਣ ਸਿੰਘ ਫਿਲੌਰ, ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ ਅਤੇ ਪਰਮਜੀਤ ਕੌਰ ਗੁਲਸ਼ਨ ਸਮੇਤ ਹੋਰ ਆਗੂ ਮੌਜੂਦ ਰਹੇ।
ਆਗੂਆਂ ਨੇ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਮੁੱਖ ਸੇਵਾਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਇਸ ਰਾਹੀਂ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਵਧਾਉਣ ਅਤੇ ਵਰਕਰਾਂ ਨਾਲ ਸਿੱਧਾ ਤਾਲਮੇਲ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
2027 ਲਈ ਤਜਰਬੇਕਾਰਾਂ ਦੇ ਨਾਲ ਨੌਜਵਾਨਾਂ ਨੂੰ ਵੀ ਮਿਲੇਗੀ ਤਰਜੀਹ
ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਨੇ ਤਜਰਬੇਕਾਰ ਆਗੂਆਂ ਦੀ ਅਗਵਾਈ ਨੂੰ ਕਾਇਮ ਰੱਖਦਿਆਂ ਨੌਜਵਾਨ ਪੀੜ੍ਹੀ ਨੂੰ ਸਿਆਸੀ ਜ਼ਿੰਮੇਵਾਰੀਆਂ ਦੇ ਕੇ ਅੱਗੇ ਲਿਆਉਣ ਦਾ ਫ਼ੈਸਲਾ ਕੀਤਾ ਹੈ।
ਆਗੂਆਂ ਮੁਤਾਬਕ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਨੌਜਵਾਨ ਵਰਗ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਜਥੇਬੰਦਕ ਪੱਧਰ ’ਤੇ ਨੌਜਵਾਨਾਂ ਨੂੰ ਵਧੇਰੇ ਮੌਕੇ ਦਿੱਤੇ ਜਾਣਗੇ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੇਂਦਰੀ ਗ੍ਰਹਿ ਮੰਤਰੀ ਨਾਲ ਮਿਲੇਗਾ ਵਫ਼ਦ
ਇਸ ਦੌਰਾਨ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਸੀ। ਚੰਦੂਮਾਜਰਾ ਮੁਤਾਬਕ, ਪ੍ਰਧਾਨ ਮੰਤਰੀ ਵੱਲੋਂ ਪੱਤਰ ਦੇ ਜਵਾਬ ਵਿੱਚ ਕਿਹਾ ਗਿਆ ਹੈ ਕਿ ਇਹ ਮਾਮਲਾ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰੀ ਕੋਲ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਪਾਰਟੀ ਦਾ ਇੱਕ ਵਫ਼ਦ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ ਅਤੇ ਹਵਾਰਾ ਦੀ ਪੈਰੋਲ ਸਬੰਧੀ ਆਪਣਾ ਪੱਖ ਰੱਖੇਗਾ।
BJP ਵੱਲੋਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੇ ਦਾਅਵੇ, ਗੱਠਜੋੜ ਦੀਆਂ ਚਰਚਾਵਾਂ ਵੀ ਜਾਰੀ
ਦੂਜੇ ਪਾਸੇ ਭਾਜਪਾ ਆਗੂਆਂ ਵੱਲੋਂ ਲਗਾਤਾਰ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ। ਹਾਲਾਂਕਿ ਸਿਆਸੀ ਹਲਕਿਆਂ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਸਮੇਤ ਹੋਰ ਧਿਰਾਂ ਨਾਲ ਸੰਭਾਵਿਤ ਗੱਠਜੋੜ ਨੂੰ ਲੈ ਕੇ ਚਰਚਾਵਾਂ ਵੀ ਤੇਜ਼ ਹਨ।
ਸਿਆਸੀ ਸੂਤਰਾਂ ਮੁਤਾਬਕ, ਜੇਕਰ ਕਿਸੇ ਤਰ੍ਹਾਂ ਦਾ ਗੱਠਜੋੜ ਬਣਦਾ ਹੈ ਤਾਂ ਸੀਟਾਂ ਦੀ ਵੰਡ ਬਾਰੇ ਅੰਤਿਮ ਫ਼ੈਸਲਾ ਪਾਰਟੀ ਦੀ ਕੇਂਦਰੀ ਹਾਈਕਮਾਨ ਵੱਲੋਂ ਬਾਅਦ ਵਿੱਚ ਲਿਆ ਜਾ ਸਕਦਾ ਹੈ।
2020 ਵਿੱਚ ਟੁੱਟਿਆ ਸੀ ਅਕਾਲੀ ਦਲ-BJP ਗੱਠਜੋੜ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਦੌਰਾਨ ਸਤੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਗੱਠਜੋੜ ਟੁੱਟ ਗਿਆ ਸੀ। ਇਸ ਤੋਂ ਬਾਅਦ ਭਾਜਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਸੂਬੇ ਵਿੱਚ ਆਪਣੇ ਦਮ ’ਤੇ ਲੜੀਆਂ।
ਇਨ੍ਹਾਂ ਚੋਣਾਂ ਦੌਰਾਨ ਭਾਜਪਾ ਨੂੰ ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਆਪਣੇ ਪੇਂਡੂ ਆਧਾਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਸਿਆਸੀ ਪਹੁੰਚ ਵਧਾਉਣ ਲਈ ਪੇਂਡੂ ਖੇਤਰਾਂ ਵਿੱਚ ਮਜ਼ਬੂਤ ਆਧਾਰ ਰੱਖਣ ਵਾਲੀਆਂ ਪਾਰਟੀਆਂ ਅਤੇ ਧਿਰਾਂ ਨਾਲ ਸੰਭਾਵਿਤ ਤਾਲਮੇਲ ਦੀਆਂ ਸੰਭਾਵਨਾਵਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਗੱਠਜੋੜਾਂ, ਸੀਟਾਂ ਦੀ ਵੰਡ ਅਤੇ ਵੱਖ-ਵੱਖ ਧਿਰਾਂ ਦੀ ਸਿਆਸੀ ਰਣਨੀਤੀ ਨੂੰ ਲੈ ਕੇ ਤਸਵੀਰ ਹੋਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।
