Wednesday, November 4Punjabi People

ਸ੍ਰੀ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਦੇ 59 ਮੁਲਾਜ਼ਮਾਂ ਨੂੰ ਵੱਡੀ ਰਾਹਤ, ਹੁਣ PSPCL ਅਧੀਨ ਕੰਟਰੈਕਟ ’ਤੇ ਹੋਏ ਨਿਯੁਕਤ: ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, 04 ਨਵੰਬਰ 2026: ਸ੍ਰੀ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਤਹਿਤ ਪੈਸਕੋ ਰਾਹੀਂ ਆਊਟਸੋਰਸ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ 59 ਮੁਲਾਜ਼ਮਾਂ ਲਈ ਖੁਸ਼ੀ ਦੀ ਖ਼ਬਰ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆ ਗਿਆ ਹੈ। ਇਸ ਸਬੰਧੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਸਥਿਤ ਰਿਹਾਇਸ਼ ’ਤੇ ਕਰਵਾਏ ਗਏ ਸਮਾਗਮ ਦੌਰਾਨ ਹਰਜੋਤ ਸਿੰਘ ਬੈਂਸ ਨੇ ਸਾਰੇ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੀ ਸਾਂਝੀਆਂ ਕੀਤੀਆਂ। ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਮੁਲਾਜ਼ਮਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ। ਉਨ੍ਹਾਂ ਲਈ ਇਹ ਮੌਕਾ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਬਦਲਾਅ ਅਤੇ ਰੁਜ਼ਗਾਰ ਦੇ ਭਵਿੱਖ ਪ੍ਰਤੀ ਵਧੇਰੇ ਭਰੋਸੇ ਦੀ ਸ਼ੁਰੂਆਤ ਬਣ ਕੇ ਸਾਹਮਣੇ ਆਇਆ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਅਦਾਰੇ ਦੀ ਸਫ਼ਲਤਾ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਹ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਸਮਰਪਣ ਸਦਕਾ ਹੀ ਵਿਭਾਗ ਆਪਣੀਆਂ ਸੇਵਾਵਾਂ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਵਿੱਚ ਲੰਮੇ ਸਮੇਂ ਤੋਂ ਪੈਸਕੋ ਰਾਹੀਂ ਸੇਵਾਵਾਂ ਨਿਭਾਅ ਰਹੇ 59 ਮੁਲਾਜ਼ਮਾਂ ਨੂੰ ਸਿੱਧੇ PSPCL ਅਧੀਨ ਕੰਟਰੈਕਟ ’ਤੇ ਲਿਆਉਣਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਰੁਜ਼ਗਾਰ ਤੇ ਭਵਿੱਖ ਨਾਲ ਸਬੰਧਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਅਤੇ ਰੁਜ਼ਗਾਰ ਵਿੱਚ ਸਥਿਰਤਾ ਲਿਆਉਣ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਕੇਵਲ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੀ ਨਹੀਂ, ਸਗੋਂ ਵੱਖ-ਵੱਖ ਵਿਭਾਗਾਂ ਵਿੱਚ ਪਹਿਲਾਂ ਤੋਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੂੰ ਉਚਿਤ ਮਾਣ-ਸਤਿਕਾਰ ਅਤੇ ਬਿਹਤਰ ਕੰਮਕਾਜੀ ਮਾਹੌਲ ਦੇਣਾ ਵੀ ਹੈ।

ਉਨ੍ਹਾਂ ਕਿਹਾ ਕਿ 59 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਉਹ ਵਧੇਰੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਮੁਲਾਜ਼ਮ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਵਿਭਾਗ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਦੀਵਾਲੀ ਦੇ ਤਿਉਹਾਰ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਇਸ ਪਵਿੱਤਰ ਮੌਕੇ ’ਤੇ 59 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਾ ਉਨ੍ਹਾਂ ਲਈ ਵੀ ਮਾਣ ਅਤੇ ਸੰਤੁਸ਼ਟੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਰੁਜ਼ਗਾਰ ਦੀ ਸਥਿਰਤਾ ਬਹੁਤ ਅਹਿਮ ਹੁੰਦੀ ਹੈ ਅਤੇ ਜਦੋਂ ਪਰਿਵਾਰ ਦੇ ਕਿਸੇ ਮੈਂਬਰ ਦੇ ਭਵਿੱਖ ਬਾਰੇ ਭਰੋਸਾ ਵਧਦਾ ਹੈ ਤਾਂ ਇਸ ਦਾ ਚੰਗਾ ਪ੍ਰਭਾਵ ਪੂਰੇ ਪਰਿਵਾਰ ’ਤੇ ਪੈਂਦਾ ਹੈ।

ਉਨ੍ਹਾਂ ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਤਰੱਕੀ, ਖੁਸ਼ਹਾਲੀ ਅਤੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੈਸਕੋ ਰਾਹੀਂ ਆਊਟਸੋਰਸ ਆਧਾਰ ’ਤੇ ਕੰਮ ਕਰਨ ਦੀ ਬਜਾਏ ਹੁਣ ਸਿੱਧੇ PSPCL ਅਧੀਨ ਕੰਟਰੈਕਟ ’ਤੇ ਆਉਣਾ ਉਨ੍ਹਾਂ ਲਈ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ। ਇਹ ਫੈਸਲਾ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਨੂੰ ਨਵੀਂ ਦਿਸ਼ਾ ਦੇਣ ਵਾਲਾ ਸਾਬਤ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਇਸ ਸਮਾਗਮ ਵਿੱਚ ਇੰਜੀਨੀਅਰ ਨਵੀਨ ਮਲਹੋਤਰਾ ਸਮੇਤ ਵਿਭਾਗ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਸਬੰਧਤ ਮੁਲਾਜ਼ਮ ਮੌਜੂਦ ਸਨ।

Leave a Reply

Your email address will not be published. Required fields are marked *