Tuesday, May 26Punjabi People

ਐੱਸਸੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੇ ਬਿਆਨ ਦਾ ਸੁ ਮੋਟੋ ਨੋਟਿਸ

ਚੰਡੀਗੜ੍ਹ, 26 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਸੁਓ ਮੋਟੋ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਨੂੰ ਦਲਿਤ ਭਾਈਚਾਰੇ ਨਾਲ ਜੁੜੀ ਸੰਵੇਦਨਸ਼ੀਲ ਘਟਨਾ ਕਰਾਰ ਦਿੰਦਿਆਂ ਪੁਲਿਸ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।

ਜਾਣਕਾਰੀ ਅਨੁਸਾਰ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਇਹ ਮਾਮਲਾ ਐੱਸਸੀ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਵੱਲੋਂ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸਸੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਤੋਂ 29 ਮਈ 2026 ਤੱਕ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਐੱਸਪੀ ਸ੍ਰੀ ਮੁਕਤਸਰ ਸਾਹਿਬ ਰਾਹੀਂ ਪੂਰੇ ਮਾਮਲੇ ਦੀ ਜਾਂਚ ਕਰਕੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਜਾਵੇ।

ਇਸਦੇ ਨਾਲ ਹੀ ਕਮਿਸ਼ਨ ਨੇ ਪੁਲਿਸ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾਈ ਜਾਵੇ, ਤਾਂ ਜੋ ਇਹ ਪਤਾ ਲੱਗ ਸਕੇ ਕਿ ਵਾਇਰਲ ਵੀਡੀਓ ਵਿੱਚ ਆਵਾਜ਼ ਅਸਲ ਵਿੱਚ ਉਨ੍ਹਾਂ ਦੀ ਹੈ ਜਾਂ ਨਹੀਂ। ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਐੱਸਸੀ ਕਮਿਸ਼ਨ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਭੇਦਭਾਵਪੂਰਨ ਜਾਂ ਅਪਮਾਨਜਨਕ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ‘ਤੇ ਤਿੱਖੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *