Saturday, September 12Punjabi People

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ 6 ਸਤੰਬਰ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਮਾਲੇਰਕੋਟਲਾ, 27 ਅਗਸਤ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਪਹਿਲਾਂ ਤੋਂ ਦਰਜ ਜਾਣਕਾਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਠੀਕ ਕਰਨਾ ਹੈ।

ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਨਾਗਰਿਕ ਇਨ੍ਹਾਂ ਅਧਿਕਾਰੀਆਂ ਕੋਲ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਪਹਿਲਾਂ ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ, ਅਯੋਗ ਜਾਂ ਗਲਤ ਤਰੀਕੇ ਨਾਲ ਦਰਜ ਨਾਮ ਹਟਾਉਣ ਅਤੇ ਹੋਰ ਤਰੁੱਟੀਆਂ ਸਬੰਧੀ ਆਪਣੇ ਦਾਅਵੇ ਜਾਂ ਇਤਰਾਜ਼ ਪੇਸ਼ ਕਰ ਸਕਣਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਦਰਜ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਨਾਮ, ਪਤਾ, ਉਮਰ ਸਮੇਤ ਕਿਸੇ ਹੋਰ ਜਾਣਕਾਰੀ ਵਿੱਚ ਗਲਤੀ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਤਹਿਤ BLO ਕੋਲ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਇੱਕ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਵੋਟਰ ਸੂਚੀ ਵਿੱਚ ਉਸ ਦੀ ਜਾਣਕਾਰੀ ਦਾ ਸਹੀ ਦਰਜ ਹੋਣਾ ਬਹੁਤ ਜ਼ਰੂਰੀ ਹੈ। ਵਿਸ਼ੇਸ਼ ਕੈਂਪਾਂ ਰਾਹੀਂ ਚੋਣ ਵਿਭਾਗ ਦਾ ਉਦੇਸ਼ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਵੋਟਰ ਸੂਚੀ ਨਾਲ ਜੋੜਨਾ ਅਤੇ ਸੂਚੀ ਨੂੰ ਤਰੁੱਟੀ ਰਹਿਤ ਬਣਾਉਣਾ ਹੈ।

BLOਜ਼ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ

ਚੋਣ ਵਿਭਾਗ ਵੱਲੋਂ ਸਾਰੇ ਸਬੰਧਤ BLOਜ਼ ਨੂੰ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣ ਅਤੇ ਨਾਗਰਿਕਾਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦਾਅਵਿਆਂ ਤੇ ਇਤਰਾਜ਼ਾਂ ਨੂੰ ਨਿਯਮਾਂ ਅਨੁਸਾਰ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ BLOਜ਼ ਨੂੰ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਂਪਾਂ ਵਿੱਚ ਪਹੁੰਚਣ ਵਾਲੇ ਨਾਗਰਿਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਵੋਟਰ ਸੂਚੀ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਜਾਂ ਸੋਧਾਂ ਨੂੰ ਆਸਾਨੀ ਨਾਲ ਦਰਜ ਕਰਵਾਇਆ ਜਾ ਸਕੇ।

ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਖ਼ਾਸ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ਾਸ ਤੌਰ ’ਤੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰ ਬਣਨ ਦੇ ਯੋਗ ਨਾਗਰਿਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਯੋਗ ਨੌਜਵਾਨ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਹੋਰ ਯੋਗ ਨਾਗਰਿਕਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਹੋਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣੀ ਭੂਮਿਕਾ ਯਕੀਨੀ ਬਣਾਉਣ।

Leave a Reply

Your email address will not be published. Required fields are marked *