Saturday, October 24Punjabi People

‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਬਰਨਾਲਾ ਦੇ 10 ਹੌਟਸਪੌਟ ਖੇਤਰਾਂ ’ਤੇ ਸਖ਼ਤ ਨਿਗਰਾਨੀ, ਸੁੰਦਰੀਕਰਨ ਦੇ ਉਪਰਾਲੇ ਸ਼ੁਰੂ

ਬਰਨਾਲਾ, 24 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਖੇਤਰਾਂ ਵਿੱਚ ਸਾਫ਼-ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਇਨ੍ਹਾਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਮੁਕਤ ਕਰਕੇ ਆਮ ਲੋਕਾਂ ਲਈ ਸੁਰੱਖਿਅਤ ਅਤੇ ਉਸਾਰੂ ਗਤੀਵਿਧੀਆਂ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਵੱਧ ਪ੍ਰਭਾਵਿਤ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਨਿਗਰਾਨੀ ਮਜ਼ਬੂਤ ਕਰਨ ਦੇ ਨਾਲ-ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ’ਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ, ਸਟਰੀਟ ਲਾਈਟਾਂ ਲਗਾਉਣ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਚਾਰਦੀਵਾਰੀ ਕਰਨ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਖਾਲੀ ਇਮਾਰਤਾਂ, ਪਲਾਟਾਂ ਅਤੇ ਸੁੰਨੀਆਂ ਥਾਵਾਂ ਦੀ ਨਸ਼ਿਆਂ ਦੀ ਵਰਤੋਂ ਲਈ ਹੋਣ ਵਾਲੀ ਸੰਭਾਵੀ ਦੁਰਵਰਤੋਂ ਨੂੰ ਰੋਕਣਾ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਰੱਖਿਆ ਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ।

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਸੈਂਸੀ ਬਸਤੀ ਦਾ ਦੌਰਾ

ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐੱਸ.ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠਲੀ ਟੀਮ ਵੱਲੋਂ ਬਰਨਾਲਾ ਦੇ ਹੌਟਸਪੌਟ ਖੇਤਰ ਸੈਂਸੀ ਬਸਤੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਲੋੜੀਂਦੇ ਕਦਮ ਚੁੱਕਣ ਸਬੰਧੀ ਰਣਨੀਤੀ ਉਲੀਕੀ ਗਈ।

ਦੌਰੇ ਦੌਰਾਨ ਸਬੰਧਤ ਖੇਤਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਿਆਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਪ੍ਰਸ਼ਾਸਨ ਦਾ ਉਦੇਸ਼ ਅਜਿਹੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਹੈ, ਤਾਂ ਜੋ ਇਲਾਕਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਮਿਲ ਸਕੇ।

ਪਿੰਡਾਂ ਵਿੱਚ ਵੀ ਲਗਾਤਾਰ ਨਿਗਰਾਨੀ, ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਖੇਤਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਪੇਂਡੂ ਖੇਤਰਾਂ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ (ਐੱਸ.ਡੀ.ਐੱਮਜ਼) ਦੀ ਅਗਵਾਈ ਹੇਠ ਟੀਮਾਂ ਵੱਲੋਂ ਇਨ੍ਹਾਂ ਥਾਵਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਅਨੁਸਾਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਖੇਤਰਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਮੁਕਤ ਕਰਨ ਦੇ ਨਾਲ-ਨਾਲ ਅਜਿਹੀਆਂ ਥਾਵਾਂ ਨੂੰ ਆਮ ਲੋਕਾਂ ਦੀ ਵਰਤੋਂ ਅਤੇ ਉਸਾਰੂ ਸਮਾਜਿਕ ਗਤੀਵਿਧੀਆਂ ਲਈ ਵਿਕਸਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸਫ਼ਾਈ, ਰੌਸ਼ਨੀ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਮਹੱਤਵਪੂਰਨ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਰੋਕਥਾਮ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬਿਹਤਰ ਮਾਹੌਲ ਸਿਰਜਣ ਲਈ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਲਗਾਤਾਰ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *