
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪੂਰੇ ਜੂਨ ਮਹੀਨੇ ਦੌਰਾਨ ਲਾਗੂ ਹੋਣਗੀਆਂ।
ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਦੀਆਂ ਕਾਪੀਆਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਛੁੱਟੀਆਂ ਸਬੰਧੀ ਹੁਕਮਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਸਿੱਖਿਆ ਵਿਭਾਗ ਵੱਲੋਂ ਇਹ ਫ਼ੈਸਲਾ ਸੂਬੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਤਿੱਖੀ ਗਰਮੀ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣਾ ਬਹੁਤ ਜ਼ਰੂਰੀ ਹੈ।
ਵਿਭਾਗੀ ਅਧਿਕਾਰੀਆਂ ਅਨੁਸਾਰ ਛੁੱਟੀਆਂ ਦੌਰਾਨ ਸਕੂਲਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਲੋੜੀਂਦੇ ਪ੍ਰਸ਼ਾਸਨਿਕ ਕੰਮਾਂ ਲਈ ਵੱਖਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।
ਸਕੂਲਾਂ ਦੇ ਦੁਬਾਰਾ ਖੁੱਲ੍ਹਣ ਸਬੰਧੀ ਵਿਸਥਾਰਪੂਰਵਕ ਸ਼ਡਿਊਲ ਸਿੱਖਿਆ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ।
