
ਚੰਡੀਗੜ੍ਹ, 17 ਸਤੰਬਰ 2026: ਭਾਜਪਾ ਆਗੂ ਸੁਨੀਲ ਜਾਖੜ ਅਤੇ ਸਾਬਕਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਸਨ। ਇਨ੍ਹਾਂ ਅਟਕਲਾਂ ਦਰਮਿਆਨ ਸੁਨੀਲ ਜਾਖੜ ਨੇ ਹੁਣ ਆਪਣੇ ਬਾਰੇ ਚੱਲ ਰਹੀਆਂ ਕਾਂਗਰਸ ਵਿੱਚ ਵਾਪਸੀ ਦੀਆਂ ਖ਼ਬਰਾਂ ’ਤੇ ਸਪੱਸ਼ਟ ਜਵਾਬ ਦਿੱਤਾ ਹੈ।
ਸੁਨੀਲ ਜਾਖੜ ਨੇ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਨਾਲ ਸਬੰਧਤ ਕੁਝ ਪੋਸਟਾਂ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਹਨ, ਪਰ ਇਨ੍ਹਾਂ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ ਹੈ।
ਜਾਖੜ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਕਾਂਗਰਸ ਵਿੱਚ ਵਾਪਸੀ ਦੇ ਦਾਅਵੇ ਝੂਠੇ ਅਤੇ ਬੇਬੁਨਿਆਦ ਹਨ ਅਤੇ ਇਨ੍ਹਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ (BJP) ਦੇ ਨਾਲ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਪਣਾਈ ਗਈ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੀ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਕਾਇਮ ਰੱਖਦੇ ਹਨ।
ਇਸ ਬਿਆਨ ਨਾਲ ਜਾਖੜ ਨੇ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ’ਤੇ ਆਪਣਾ ਰੁਖ ਸਪੱਸ਼ਟ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਾਖੜ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਬਾਅਦ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਵੀ ਰਹੇ। ਮਈ 2026 ਵਿੱਚ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਜਾਖੜ ਇਸ ਅਹੁਦੇ ’ਤੇ ਨਹੀਂ ਰਹੇ।
ਉੱਧਰ, ਕੈਪਟਨ ਅਮਰਿੰਦਰ ਸਿੰਘ ਦੇ ਵੀ ਕਾਂਗਰਸ ਵਿੱਚ ਵਾਪਸੀ ਸਬੰਧੀ ਚਰਚਾਵਾਂ ਸਾਹਮਣੇ ਆਈਆਂ ਸਨ। ਹਾਲਾਂਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ 12 ਸਤੰਬਰ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਅਮਰਿੰਦਰ ਸਿੰਘ ਦੀ ਵਾਪਸੀ ਬਾਰੇ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਪਾਰਟੀ ਵੱਲੋਂ ਵੀ ਇਸ ਸਬੰਧੀ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ।
