Wednesday, July 29Punjabi People

ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ

ਲੁਧਿਆਣਾ, 10 ਜੁਲਾਈ 2026: ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਨੇੜੇ ਸਤਲੁਜ ਦਰਿਆ ’ਤੇ ਸਥਿਤ ਧੁੱਸੀ ਬੰਨ੍ਹ ਦੇ ਚੱਲ ਰਹੇ ਪੁਨਰ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੰਨ੍ਹ ਦੀ ਮਜ਼ਬੂਤੀ ਨਾਲ ਜੁੜੇ ਸਾਰੇ ਕੰਮ ਤੈਅ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੇ ਸੁਰੱਖਿਆ ਮਾਪਦੰਡਾਂ ਦੇ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਸਰਾਲੀ ਕਲੋਨੀ ਖੇਤਰ ਵਿੱਚ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਕਾਰਨ ਲਗਭਗ 3,300 ਫੁੱਟ ਲੰਬੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ। ਇਸ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਲਗਭਗ 11.75 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਰੀਬ 2 ਲੱਖ ਘਣ ਮੀਟਰ ਮਿੱਟੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚੋਂ ਲਗਭਗ 1.50 ਲੱਖ ਘਣ ਮੀਟਰ ਕੰਮ ਪੂਰਾ ਹੋ ਚੁੱਕਾ ਹੈ। ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਧੁਨਿਕ ਤਕਨੀਕ ਨਾਲ ਹੋਵੇਗੀ ਬੰਨ੍ਹ ਦੀ ਸੁਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਖਾਸ ਵਿਸ਼ੇਸ਼ਤਾ ਦਰਿਆ ਦੇ ਕਿਨਾਰਿਆਂ ਨੂੰ ਕਟਾਅ ਤੋਂ ਬਚਾਉਣ ਲਈ ਪੀਪੀਐਮਐਫ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜੀਓਟਿਊਬ ਤਕਨੀਕ ਦੀ ਵਰਤੋਂ ਹੈ। ਇਹ ਤਕਨੀਕ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ, ਜੋ ਦਰਿਆਈ ਖੇਤਰਾਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ ਕੁੱਲ ਲਗਭਗ 450 ਜੀਓਟਿਊਬ ਲਗਾਏ ਜਾਣੇ ਹਨ, ਜਿਨ੍ਹਾਂ ਵਿੱਚੋਂ ਕਰੀਬ 325 ਜੀਓਟਿਊਬ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ। ਬਾਕੀ ਕੰਮ ਵੀ ਜਲਦ ਪੂਰਾ ਕਰ ਲਿਆ ਜਾਵੇਗਾ।

ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣਾ ਸਰਕਾਰ ਦੀ ਤਰਜੀਹ

ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਦਰਿਆਈ ਬੰਨ੍ਹਾਂ ਅਤੇ ਜਲ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਧੁੱਸੀ ਬੰਨ੍ਹ ਦੀ ਮਜ਼ਬੂਤੀ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਅਤੇ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੇ ਦੌਰਾਨ ਪਾਣੀ ਦੇ ਦਬਾਅ ਕਾਰਨ ਹੋਣ ਵਾਲੇ ਨੁਕਸਾਨ ਨੂੰ ਘਟਾਇਆ ਜਾ ਸਕੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਿਰਮਾਣ ਕਾਰਜ ਦੌਰਾਨ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਜਿੱਥੇ ਵੀ ਕੰਮ ਨੂੰ ਤੇਜ਼ ਕਰਨ ਦੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਸਰੋਤ ਤੁਰੰਤ ਉਪਲਬਧ ਕਰਵਾਏ ਜਾਣ।

ਲੋਕਾਂ ਨਾਲ ਕੀਤੀ ਗੱਲਬਾਤ, ਹਰ ਸੰਭਵ ਸਹਾਇਤਾ ਦਾ ਭਰੋਸਾ

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਨੇ ਸਥਾਨਕ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਹੈ। ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ।

ਲੁਧਿਆਣਾ ਪੂਰਬੀ ਦੀ ਐਸਡੀਐਮ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮਾਂ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਤਿਆਰ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਅੰਤ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਸਿਰ ਪੂਰੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੜ੍ਹ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *