
ਹੁਸ਼ਿਆਰਪੁਰ, 28 ਸਤੰਬਰ 2026: ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮਰਥਕਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਧਾਮੀ ਦੇ ਨਿਵਾਸ ਵੱਲ ਪਹੁੰਚਣ ਦੀ ਕੋਸ਼ਿਸ਼ ਕੀਤੀ ਗਈ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਨਿਵਾਸ ਦੇ ਨੇੜੇ ਬੈਰੀਕੇਡ ਲਗਾ ਦਿੱਤੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਇਲਾਕੇ ਵਿੱਚ ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ।
ਤਰਸੇਮ ਸਿੰਘ ਨੇ ਧਾਮੀ ਤੋਂ ਅਸਤੀਫ਼ੇ ਦੀ ਕੀਤੀ ਮੰਗ
ਪ੍ਰਦਰਸ਼ਨ ਵਿੱਚ ਸ਼ਾਮਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ SGPC ਦੇ ਪ੍ਰਬੰਧਨ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਉੱਠੇ ਸਵਾਲਾਂ ਅਤੇ ਲੱਗੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਨਾਲ ਸਬੰਧਤ ਹਾਲੀਆ ਘਟਨਾ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਨਿਰਪੱਖ ਜਾਂਚ ਦੀ ਅਪੀਲ
ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਬਿਨਾਂ ਕਿਸੇ ਪੱਖਪਾਤ ਦੇ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਅਮਰਜੀਤ ਸਿੰਘ ਚਾਵਲਾ ਵੱਲੋਂ ਆਪਣੇ ਆਪ ਨੂੰ ‘ਬਲੀ ਦਾ ਬੱਕਰਾ’ ਬਣਾਏ ਜਾਣ ਸਬੰਧੀ ਕੀਤੇ ਦਾਅਵੇ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਹੋਣੀ ਜ਼ਰੂਰੀ ਹੈ, ਤਾਂ ਜੋ ਪੂਰੇ ਤੱਥ ਸਾਹਮਣੇ ਆ ਸਕਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੱਕ ਦੀ ਗੁੰਜਾਇਸ਼ ਨਾ ਰਹੇ।
ਅਸਤੀਫ਼ਾ ਨਾ ਦੇਣ ’ਤੇ ਵੱਡੇ ਸੰਘਰਸ਼ ਦੀ ਚਿਤਾਵਨੀ
ਤਰਸੇਮ ਸਿੰਘ ਨੇ ਕਿਹਾ ਕਿ ਜੇਕਰ SGPC ਪ੍ਰਧਾਨ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ SGPC ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ SGPC ਦੇ ਹੋਰ ਮੈਂਬਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਵੀ ਉਠਾਈ ਜਾਵੇਗੀ।
ਫਿਲਹਾਲ ਧਾਮੀ ਦੇ ਨਿਵਾਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਜਾਰੀ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਤੋਂ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
