Wednesday, July 29Punjabi People

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 2 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਦਾ ਕੰਮ ਅਲਾਟ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।

ਬੁਲਾਰੇ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਸੇਵਾਮੁਕਤੀ ਤੋਂ ਬਾਅਦ ਸਤਿੰਦਰ ਬੀਰ ਸਿੰਘ ਨੇ ਅੰਮ੍ਰਿਤਸਰ ਵਿੱਚ “ਐਜ਼ੁਰਾਈਜ਼ ਐਂਟਰਪ੍ਰਾਈਜ਼” ਨਾਮ ਹੇਠ ਇੱਕ ਫਰਮ ਸ਼ੁਰੂ ਕੀਤੀ ਸੀ, ਜੋ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟਿੰਗ ਸੇਵਾਵਾਂ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਆਪਣੀ ਫਰਮ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਕੋਲ ਜਮ੍ਹਾਂ ਕਰਵਾਈ ਸੀ, ਜਿਸ ਵਿੱਚ ਅਕਾਦਮਿਕ ਸਾਲ 2025-26 ਦੌਰਾਨ ਬਲਾਕ ਭੁਲੱਥ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਜਾਂਚ ਕਰਨ ਲਈ ਮਨਜ਼ੂਰੀ ਦੀ ਮੰਗ ਕੀਤੀ ਗਈ ਸੀ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਪਰਮਜੀਤ ਸਿੰਘ ਨੇ ਕਥਿਤ ਤੌਰ ‘ਤੇ ਇਹ ਕੰਮ ਅਲਾਟ ਕਰਨ ਦੇ ਬਦਲੇ ਪ੍ਰਤੀ ਵਿਦਿਆਰਥੀ 200 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ, ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਿਰਦੇਸ਼ਾਂ ‘ਤੇ ਇਹ ਰਕਮ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਾਈਕੋਮੈਟ੍ਰਿਕ ਟੈਸਟ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥੀ 700 ਰੁਪਏ ਦਾ ਭੁਗਤਾਨ ਕੀਤਾ ਜਾਂਦਾ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *