
ਬਠਿੰਡਾ, 15 ਸਤੰਬਰ 2026: ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਬ-ਡਵੀਜ਼ਨ ਭੁੱਚੋ ਅਧੀਨ ਪੈਂਦੇ ਥਾਣਾ ਨੇਹੀਆਂਵਾਲਾ ਦੇ ਇਲਾਕੇ ਵਿੱਚ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ, ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ।
ਸਰਚ ਅਭਿਆਨ ਦੀ ਅਗਵਾਈ ਐੱਸਪੀ ਇਨਵੈਸਟੀਗੇਸ਼ਨ ਬਠਿੰਡਾ ਮਨੋਜ ਗੋਰਸੀ ਨੇ ਕੀਤੀ। ਇਸ ਦੌਰਾਨ ਡੀਐੱਸਪੀ ਭੁੱਚੋ ਪ੍ਰਿਤਪਾਲ ਸਿੰਘ ਅਤੇ ਡੀਐੱਸਪੀ ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਰਹੇ।
ਇਲਾਕੇ ਦੀ ਘੇਰਾਬੰਦੀ ਕਰਕੇ ਕੀਤੀ ਗਈ ਬਾਰੀਕੀ ਨਾਲ ਜਾਂਚ
ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਸਬੰਧਤ ਇਲਾਕੇ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਗਈ। ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸਖ਼ਤ ਨਿਗਰਾਨੀ ਰੱਖੀ ਗਈ। ਇਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀ ਥਾਵਾਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਮੁਤਾਬਕ ਸਰਚ ਅਭਿਆਨ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ, ਜਦਕਿ 5 ਸ਼ੱਕੀ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਏ ਗਏ।
225 ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ
ਇਸ ਵਿਸ਼ੇਸ਼ ਅਭਿਆਨ ਵਿੱਚ ਕਰੀਬ 225 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਘਰਾਂ ਅਤੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ।
ਕਾਰਵਾਈ ਵਿੱਚ ਥਾਣਾ ਨੇਹੀਆਂਵਾਲਾ ਪੁਲਿਸ ਤੋਂ ਇਲਾਵਾ ਸੀਆਈਏ ਸਟਾਫ ਦੀਆਂ ਟੀਮਾਂ ਅਤੇ ਵੱਖ-ਵੱਖ ਪੁਲਿਸ ਚੌਕੀਆਂ ਦੇ ਇੰਚਾਰਜ ਵੀ ਸ਼ਾਮਲ ਰਹੇ। ਪੁਲਿਸ ਦਾ ਕਹਿਣਾ ਹੈ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਅਤੇ ਹੋਰ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣਾ ਹੈ।
ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸਰਚ ਅਭਿਆਨ ਤੋਂ ਬਾਅਦ ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸ਼ੱਕੀ ਵਿਅਕਤੀਆਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਵਿਸ਼ੇਸ਼ ਸਰਚ ਅਭਿਆਨ ਚਲਾਏ ਜਾ ਰਹੇ ਹਨ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਅਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ੇ ਦਾ ਸੇਵਨ ਜਾਂ ਨਸ਼ਿਆਂ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐੱਸਪੀ ਇਨਵੈਸਟੀਗੇਸ਼ਨ ਨੇ ਕਿਹਾ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਦੀ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ
ਮਨੋਜ ਗੋਰਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਹੋਰ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਦੀ ਸੂਚਨਾ ਪੁਲਿਸ ਨੂੰ ਦੇਣ।
ਪੁਲਿਸ ਵੱਲੋਂ ਜਾਰੀ ਕੀਤੀ ਗਈ ਐਂਟੀ-ਡਰੱਗ ਹੈਲਪਲਾਈਨ 9779100200 ’ਤੇ ਵੀ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
