Wednesday, June 10Punjabi People

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ‘ਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਖੁੱਡੀਆਂ

ਚੰਡੀਗੜ੍ਹ /ਬਾਦਲ /ਲੰਬੀ, 7 ਜੂਨ 2026: ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਨਿਰਣਾਇਕ ਮੋੜ ’ਤੇ ਪਹੁੰਚ ਚੁੱਕੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਪੂਰਾ ਪੰਜਾਬ ਇੱਕਜੁੱਟ ਹੋ ਕੇ ਅੱਗੇ ਵੱਧ ਰਿਹਾ ਹੈ।

ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਹੋਈ ਇਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਅਤੇ ਹੌਸਲਿਆਂ ਨੂੰ ਤੋੜਨ ਲਈ ਵਿਆਪਕ ਕਾਰਵਾਈ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ਾ ਤਸਕਰੀ ਨੂੰ ਸ਼ਹਿ ਮਿਲਦੀ ਰਹੀ, ਜਿਸ ਦੇ ਨਤੀਜੇ ਵਜੋਂ ਸੂਬੇ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

ਸ. ਖੁੱਡੀਆਂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ ਅਤੇ ਸਰਕਾਰ ਦਾ ਟੀਚਾ ਪੰਜਾਬ ਨੂੰ ਦੇਸ਼ ਦਾ ਪਹਿਲਾ ਨਸ਼ਾ-ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਹ ਪੱਕਾ ਸੰਕਲਪ ਲਿਆ ਹੈ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਦੀ ਲਪੇਟ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ’ਤੇ ਅਮਲ ਕਰ ਰਹੀ ਹੈ। ਨਸ਼ਾ ਤਸਕਰੀ ਵਿੱਚ ਕਿਸੇ ਵੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਅਧਿਕਾਰਿਕ ਅਹੁਦੇ ਨਾਲ ਸੰਬੰਧਿਤ ਕਿਉਂ ਨਾ ਹੋਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ ਪੰਜਾਬ ਸਰਕਾਰ ਲਈ ਇਕ ਵੱਡੀ ਚੁਣੌਤੀ ਸੀ, ਕਿਉਂਕਿ ਸਿੰਥੈਟਿਕ ਨਸ਼ਿਆਂ ਨੇ ਸੂਬੇ ਵਿੱਚ ਗੰਭੀਰ ਸਥਿਤੀ ਪੈਦਾ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਪੀੜਤ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਇੱਕ ਸਕਾਰਾਤਮਕ ਰੁਝਾਨ ਸਾਹਮਣੇ ਆਇਆ ਹੈ। ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੀ ਨਵੀਂ ਪੀੜ੍ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕ ਹੋਈ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਾਗਰੂਕਤਾ ਹੀ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਨਾਲ ਜੁੜੀ ਕੋਈ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਲੋਕ ਆਪਣੇ ਮੋਬਾਈਲ ਐਪ ਰਾਹੀਂ ਉਸ ਦੀ ਜਾਣਕਾਰੀ, ਫੋਟੋ ਜਾਂ ਵਾਹਨ ਨੰਬਰ ਸਾਂਝੇ ਕਰ ਸਕਦੇ ਹਨ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਲੰਬੀ ਸਬ-ਡਿਵੀਜ਼ਨ ਵਿੱਚ ਇਸ ਸਾਲ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 160 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਇਸ ਤੋਂ ਇਲਾਵਾ 429.84 ਗ੍ਰਾਮ ਹੈਰੋਇਨ, 7 ਕਿਲੋਗ੍ਰਾਮ 377 ਗ੍ਰਾਮ ਅਫੀਮ, 136 ਕਿਲੋਗ੍ਰਾਮ ਭੁੱਕੀ, 4,704 ਨਸ਼ੀਲੀਆਂ ਗੋਲੀਆਂ, 6,587 ਨਸ਼ੀਲੇ ਕੈਪਸੂਲ ਅਤੇ 39,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਪ ਮੰਡਲ ਮੈਜਿਸਟ੍ਰੇਟ ਮਲੋਟ ਸ੍ਰੀ ਪੰਕਜ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ‘ਸੇਫ ਪੰਜਾਬ’ ਵਟਸਐਪ ਨੰਬਰ 9779100200 ’ਤੇ ਵੀ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

ਡੀਐਸਪੀ ਸ੍ਰੀ ਹਰਬੰਸ ਬਰਾੜ ਨੇ ਕਿਹਾ ਕਿ ਇਹ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਸਮਾਜਿਕ ਅੰਦੋਲਨ ਹੈ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲੇ ਅਸਮਾਜਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਮੀਟਿੰਗ ਦੌਰਾਨ ਬੀਡੀਪੀਓ ਰਾਕੇਸ਼ ਬਿਸ਼ਨੋਈ, ਐਸਐਚਓ ਹਰਪ੍ਰੀਤ ਕੌਰ, ਐਸਐਚਓ ਜਸਵੀਰ ਸਿੰਘ, ਮੀਡੀਆ ਸਲਾਹਕਾਰ ਮੋਹਿਤ ਸੋਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਸਰਪੰਚ, ਪੰਚਾਇਤ ਨੁਮਾਇੰਦੇ ਅਤੇ ਲੰਬੀ ਹਲਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਮੌਜੂਦ ਰਹੇ।

Leave a Reply

Your email address will not be published. Required fields are marked *