Wednesday, July 29Punjabi People

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 3 ਮਹੀਨੇ: 422 ਕੇਸ ਦਰਜ, 621 ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 29 ਜੂਨ 2026: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਇੱਕ ਪਾਸੇ ਆਮ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਲਗਾਤਾਰ ਛਾਪੇਮਾਰੀ ਅਤੇ ਕਾਰਵਾਈ ਜਾਰੀ ਹੈ।

ਐਸਐਸਪੀ ਨੇ ਦੱਸਿਆ ਕਿ 1 ਅਪ੍ਰੈਲ 2026 ਤੋਂ ਹੁਣ ਤੱਕ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਨਾਲ ਸਬੰਧਤ 422 ਮੁਕੱਦਮੇ ਦਰਜ ਕਰਕੇ 621 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ।

ਬਰਾਮਦਗੀ ਦਾ ਵੇਰਵਾ:

ਹੈਰੋਇਨ – 3.329 ਕਿਲੋਗ੍ਰਾਮ

ਅਫ਼ੀਮ – 3.688 ਕਿਲੋਗ੍ਰਾਮ

ਪੋਸਤ – 208.900 ਕਿਲੋਗ੍ਰਾਮ

ਪਾਬੰਦੀਸ਼ੁਦਾ ਗੋਲੀਆਂ – 25,253

ਨਸ਼ੀਲਾ ਪਾਊਡਰ – 25 ਗ੍ਰਾਮ

ਪਾਬੰਦੀਸ਼ੁਦਾ ਕੈਪਸੂਲ – 54,401

ਡਰੱਗ ਮਨੀ – 3,55,560 ਰੁਪਏ

ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਪੁਲਿਸ ਦੀ ਮੁਹਿੰਮ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਹੈ। ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਕਾਊਂਸਲਿੰਗ ਰਾਹੀਂ ਮੁੜ ਆਮ ਜ਼ਿੰਦਗੀ ਵੱਲ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਦੀ ਪੁਸ਼ਟੀ ਕਰਵਾ ਕੇ ਸਮਰੱਥ ਅਥਾਰਟੀ ਰਾਹੀਂ ਉਸ ਨੂੰ ਫਰੀਜ਼ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਬਿਨਾਂ ਝਿਜਕ ਪੁਲਿਸ ਨਾਲ ਗੁਪਤ ਤਰੀਕੇ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸੂਚਨਾ ‘ਤੇ ਤੁਰੰਤ ਅਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਸ੍ਰੀ ਮੁਕਤਸਰ ਸਾਹਿਬ ਅਤੇ ਨਸ਼ਾ-ਮੁਕਤ ਪੰਜਾਬ ਦੇ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪੁਲਿਸ ਅੱਗੇ ਵੀ ਅਜਿਹੀਆਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈਆਂ ਲਗਾਤਾਰ ਜਾਰੀ ਰੱਖੇਗੀ।

Leave a Reply

Your email address will not be published. Required fields are marked *