Thursday, October 22Punjabi People

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 253ਵਾਂ ਦਿਨ: ਪੰਜਾਬ ਭਰ ’ਚ 566 ਟਿਕਾਣਿਆਂ ’ਤੇ ਛਾਪੇਮਾਰੀ, 242 ਗ੍ਰਿਫ਼ਤਾਰ

ਚੰਡੀਗੜ੍ਹ, 30 ਸਤੰਬਰ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ 253ਵੇਂ ਦਿਨ ਅੱਜ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਸ ਕਾਰਵਾਈ ਦੌਰਾਨ ਪੁਲਿਸ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 182 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਅੱਜ ਦੀ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ (POs) ਨੂੰ ਵੀ ਕਾਬੂ ਕੀਤਾ ਗਿਆ।

20 ਜਨਵਰੀ ਤੋਂ ਜਾਰੀ ਹੈ ਮੁਹਿੰਮ

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੁਲਿਸ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ, ਹਥਿਆਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਦੀ ਤਲਾਸ਼ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਗੈਂਗਸਟਰਾਂ ਦੀ ਸੂਚਨਾ ਦੇਣ ਲਈ ਹੈਲਪਲਾਈਨ

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਰੂਪ ਵਿੱਚ ਸਾਂਝੀ ਕਰ ਸਕਦੇ ਹਨ। ਪੁਲਿਸ ਮੁਤਾਬਕ ਇਸ ਹੈਲਪਲਾਈਨ ਰਾਹੀਂ ਦਿੱਤੀ ਜਾਣਕਾਰੀ ਨੂੰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਲਈ ਵਰਤਿਆ ਜਾ ਸਕਦਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਜਾਰੀ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵੀ 578ਵੇਂ ਦਿਨ ਜਾਰੀ ਰਹੀ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ ਪੁਲਿਸ ਨੇ 3.8 ਕਿਲੋਗ੍ਰਾਮ ਹੈਰੋਇਨ, 250 ਗ੍ਰਾਮ ਅਫੀਮ, 8 ਕਿਲੋਗ੍ਰਾਮ ਗਾਂਜਾ, 255 ਨਸ਼ੀਲੀਆਂ ਗੋਲੀਆਂ ਅਤੇ 5,000 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਨਾਲ ਮੁਹਿੰਮ ਦੇ 578 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,919 ਤੱਕ ਪਹੁੰਚ ਗਈ ਹੈ।

11 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਤ ਕੀਤਾ

ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤੀ ਅਤੇ ਮੁੜ-ਵਸੇਬੇ ਦੇ ਯਤਨਾਂ ਤਹਿਤ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਵੱਲ ਲਿਜਾਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *