
ਚੰਡੀਗੜ੍ਹ, 17 ਜੂਨ 2026: ਪੰਜਾਬ, ਹਰਿਆਣਾ ਅਤੇ ਨੇੜਲੇ ਖੇਤਰਾਂ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ ਅਤੇ 18 ਜੂਨ ਤੋਂ ਸਰਗਰਮ ਹੋ ਰਹੀ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 19 ਜੂਨ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਪ੍ਰੀ-ਮਾਨਸੂਨ ਗਤੀਵਿਧੀ ਕਾਰਨ ਸੂਬੇ ਦੇ ਤਾਪਮਾਨ ਵਿੱਚ ਲਗਭਗ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੀਂਹ ਪ੍ਰੀ-ਮਾਨਸੂਨ ਗਤੀਵਿਧੀ ਦਾ ਹਿੱਸਾ ਹੈ ਅਤੇ ਮਾਨਸੂਨ ਦੇ ਪੰਜਾਬ ਵਿੱਚ ਪਹੁੰਚਣ ਬਾਰੇ ਅਜੇ ਕੋਈ ਪੱਕੀ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ।
ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦੀ ਰਫ਼ਤਾਰ ਇਸ ਸਮੇਂ ਧੀਮੀ ਪਈ ਹੋਈ ਹੈ। ਦੱਖਣੀ ਭਾਰਤ ਤੋਂ ਅੱਗੇ ਵਧਣ ਤੋਂ ਬਾਅਦ ਮਾਨਸੂਨ ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਇਲਾਕਿਆਂ ਵਿੱਚ ਰੁਕਿਆ ਹੋਇਆ ਹੈ। ਇਸੇ ਤਰ੍ਹਾਂ ਪੂਰਬੋਤਰ ਰਾਜਾਂ ਨੂੰ ਕਵਰ ਕਰਨ ਮਗਰੋਂ ਇਸ ਦੀ ਅਗਵਾਈ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਵੀ ਸੁਸਤ ਹੋ ਗਈ ਹੈ। ਅਜਿਹੇ ਹਾਲਾਤਾਂ ਵਿੱਚ ਹੁਣ ਪੰਜਾਬ ਵਿੱਚ ਮਾਨਸੂਨ ਦੇ ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਪਹੁੰਚਣ ਦੀ ਸੰਭਾਵਨਾ ਹੈ, ਜਦਕਿ ਪਹਿਲਾਂ ਇਸ ਦੇ 20 ਤੋਂ 25 ਜੂਨ ਦਰਮਿਆਨ ਆਉਣ ਦੇ ਅਨੁਮਾਨ ਲਗਾਏ ਜਾ ਰਹੇ ਸਨ।
ਮੰਗਲਵਾਰ ਨੂੰ ਸੂਬੇ ਦੇ ਕੁਝ ਖੇਤਰਾਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਤਾਪਮਾਨ ਨਾਲੋਂ 2.2 ਡਿਗਰੀ ਹੇਠਾਂ ਰਿਹਾ। ਰੂਪਨਗਰ 37.2 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਬੁੱਧਵਾਰ ਲਈ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਬਠਿੰਡਾ ਅਤੇ ਮਾਨਸਾ ਸਮੇਤ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਪ੍ਰਗਟਾਈ ਹੈ।
