ਮਾਨ ਵੱਲੋਂ ਕੇਂਦਰ ਤੋਂ ਫ਼ਸਲੀ ਖ਼ਰਾਬੇ ਦੇ ਜਾਇਜ਼ੇ ਲਈ ਟੀਮ ਪੰਜਾਬ ਭੇਜਣ ਦੀ ਮੰਗ
ਚੰਡੀਗੜ੍ਹ, 10 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਨਾਜ ਪ੍ਰਬੰਧਨ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜਣ ਦੀ ਮੰਗ ਕੀਤੀ, ਜਿਸ ’ਤੇ ਕੇਂਦਰੀ ਮੰਤਰੀ ਨੇ ਸਕਾਰਾਤਮਕ ਪ੍ਰਤੀਕ੍ਰਿਆ ਦਿੱਤੀ। ਮਾਨ ਨੇ ਜਾਣਕਾਰੀ ਦਿੱਤੀ ਕਿ ਸ਼ਨਿੱਚਰਵਾਰ ਨੂੰ ਟੀਮ ਪੰਜਾਬ ਆ ਕੇ ਫ਼ਸਲਾਂ ਦੇ ਨੁਕਸਾਨ ਦਾ ਅੰਕਲਨ ਕਰ ਸਕਦੀ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਮੰਗ ਰੱਖੀ ਕਿ ਪੰਜਾਬ ਤੋਂ ਅਨਾਜ ਦੀ ਚੁਕਾਈ ਲਈ ਵਾਧੂ ਰੇਲ ਗੱਡੀਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਣਕ ਦੀ ਫ਼ਸਲ ਦੇ ਭੰਡਾਰਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਦੇ ਗੋਦਾਮਾਂ ਵਿੱਚ ਲਗਭਗ 155 ਲੱਖ ਮੀਟ੍ਰਿਕ ਟਨ ਅਨਾਜ ਸਟੋਰ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਅਪਰੈਲ ਤੋਂ ਜੂਨ ਤੱਕ ਵਾਧੂ ਟਰੇਨਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ।...









