ਬਾਕੀ 29 ਨਵੇਂ ਆਮ ਆਦਮੀ ਕਲੀਨਿਕ 31 ਜੁਲਾਈ ਤੱਕ ਪੜਾਅਵਾਰ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ
ਚੰਡੀਗੜ੍ਹ, 26 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਜਾਵੇਗੀ, ਜਿਸ ਨਾਲ ਲੱਖਾਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਘਰ ਦੇ ਨੇੜੇ ਆਧੁਨਿਕ ਅਤੇ ਕਿਫਾਇਤੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਹੈਲਥ ਕੇਅਰ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ।
71 ਕਲੀਨਿਕ ਅੱਜ ਲੋਕਾਂ ਨੂੰ ਸਮਰਪਿਤ, ਬਾਕੀ 29 ਕਲੀਨਿਕ 31 ਜੁਲਾਈ ਤੱਕ ਹੋਣਗੇ ਸ਼ੁਰੂ
...









