ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦੇ ਮਾਹੌਲ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 17 ਅਪ੍ਰੈਲ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਅਤੇ ਇਨਫੋਰਸਮੈਂਟ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਫੀਲਡ ਵਿੱਚ ਅਧਿਕਾਰੀਆਂ ਦੀ ਮੌਜੂਦਗੀ ਵਧੇਗੀ, ਟੈਕਸ ਚੋਰੀ ‘ਤੇ ਨਕੇਲ ਪਵੇਗੀ ਅਤੇ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਵੇਗਾ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਵਿਭਾਗ ਦੀ ਗਤੀਸ਼ੀਲਤਾ ਨੂੰ ਬਹਾਲ ਕਰਨ ਵੱਲ ਇੱਕ ਮਹੱਤਵਪੂਰਨ ਪੜਾਅ ਹੈ। ਲਗਭਗ 2.21 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਗੱਡੀਆਂ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਸੂਬੇ ਵਿੱਚ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਕੇਂਦਰੀ ਭੂਮਿਕਾ ਨਿਭਾ ਰਿਹਾ ਹੈ ਅਤੇ ਵਿੱਤੀ ਸਾਲ 2025-26...









