ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਵਿਰੋਧੀ ਧਿਰ ਤੇ ਸਰਕਾਰ ਆਹਮੋ-ਸਾਹਮਣੇ
ਚੰਡੀਗੜ੍ਹ, 3 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਪਹਿਲੇ ਹੀ ਦਿਨ ਹੰਗਾਮੇਦਾਰ ਰਹੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਲਿਆ। ਇਸ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ, ਨਾਅਰੇਬਾਜ਼ੀ ਅਤੇ ਇਲਜ਼ਾਮ-ਪ੍ਰਤਿ ਇਲਜ਼ਾਮ ਦਾ ਦੌਰ ਚੱਲਿਆ, ਜਿਸ ਕਾਰਨ ਕੁਝ ਸਮੇਂ ਲਈ ਸਦਨ ਦਾ ਮਾਹੌਲ ਕਾਫ਼ੀ ਤਣਾਅਪੂਰਨ ਬਣ ਗਿਆ।
ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਿਆ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਉਠਾਉਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਾਲ ਹੀ ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ NEET ਪੇਪਰ ਲੀਕ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਸੀ, ਪਰ ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ 'ਤੇ ਸਰਕਾਰ ਚੁੱਪ ਕਿਉਂ ਹੈ।
ਬਾਜਵਾ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਛੇ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍...









