ਹਰਿਆਣਾ ’ਚ ਖੇਤੀ ਨੂੰ ਘੱਟ ਲਾਗਤ ਤੇ ਵੱਧ ਲਾਭ ਵਾਲਾ ਬਣਾਉਣ ਵੱਲ ਵੱਡਾ ਕਦਮ, ਸਰਕਾਰ ਨੇ ਤਿਆਰ ਕੀਤੀ ਨਵੀਂ ਰਣਨੀਤੀ
ਚੰਡੀਗੜ੍ਹ, 2 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਦੀ ਲਾਗਤ ਘਟਾਉਣ ਅਤੇ ਵਾਤਾਵਰਣ ਅਨੁਕੂਲ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਦਿਸ਼ਾ ਵਿੱਚ ਸਰਕਾਰ ਵੱਲੋਂ ਫਸਲਾਂ ਦੀ ਚੋਣ ਤੋਂ ਲੈ ਕੇ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ‘ਦਾਲਾਂ ਵਿੱਚ ਸਵੈ-ਨਿਰਭਰਤਾ ਲਈ ਮਿਸ਼ਨ’ ਸਬੰਧੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਲੰਬੇ ਸਮੇਂ ਦੀ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਖੇਤਰੀ ਮੌਸਮ ਮੁਤਾਬਕ ਤਿਆਰ ਹੋਵੇਗਾ ‘ਫਸਲੀ ਕੈਲੰਡਰ’
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਆਣਾ ਦੇ ਵੱਖ-ਵੱਖ ਖੇਤਰਾਂ ਦੀਆਂ ਮੌਸਮੀ ਅਤੇ ਖੇਤੀਬਾੜੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵਿਸ਼ੇਸ਼ ‘ਫਸਲੀ ਕੈਲੰਡਰ’ ਤਿਆਰ ਕੀਤਾ ਜਾਵੇ।...









