ਪੰਜਾਬ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਿੱਚ ਸੁਧਾਰ ਲਈ ਇੱਕ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਮਹੱਤਵਪੂਰਨ ਸਮਝੌਤਾ ਕੀਤਾ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 17 ਮਾਰਚ 2026: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ–2.0 ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਅਗਲੇ ਛੇ ਸਾਲਾਂ ਦੌਰਾਨ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲੀ ਸਿੱਖਿਆ ਵਿੱਚ ਵਿਆਪਕ ਅਤੇ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਦਾ ਮਕਸਦ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਤੇਜ਼ੀ ਨਾਲ ਮਜ਼ਬੂਤ ਕਰਨਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ-ਪੱਧਰੀ ਮਿਆਰਾਂ ਦੇ ਸਮਾਨ ਲਿਆਉਣਾ ਹੈ।
ਇਸ ਮਿਸ਼ਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਹੈ, ਜੋ ਸੂਬੇ ਵੱਲੋਂ ਜਨਤਕ ਸਿੱਖਿਆ ਵਿੱਚ ਪਹਿਲਾਂ ਕੀਤੇ ਗਏ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਨੂੰ ਦਰਸਾਉਂਦੀ ਹੈ। ਕੁੱਲ ਨਿਵੇਸ਼ ਵਿੱਚੋਂ 2,500 ਕਰੋੜ ਰੁਪਏ ਕਰਜ਼ਾ ਸਹਾਇਤਾ ਵਿਸ਼ਵ ਬੈਂਕ ਵੱਲੋਂ ਅਤੇ 1,000 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਹ ਯੋਜਨਾ ਸੂਬੇ ਦੇ ਇਤਿਹਾਸ ਦੇ ਸਭ ਤੋਂ ਵੱਡੇ ਸਿੱਖਿਆ ਸੁਧਾਰ ਪ੍ਰੋਗਰਾਮਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।
...









