ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਦੀ ਸੇਵਾ ਖ਼ਤਮ ਨਹੀਂ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਜੁਲਾਈ 2026: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਸਮੱਸਿਆਵਾਂ, ਲੰਬਿਤ ਮੰਗਾਂ ਅਤੇ ਭਲਾਈ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਯੂਨੀਅਨ ਨੁਮਾਇੰਦਿਆਂ ਨੇ ਵਿਭਾਗ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਅਤੇ ਮੰਗਾਂ ਨੂੰ ਮੰਤਰੀ ਦੇ ਧਿਆਨ ਵਿੱਚ ਲਿਆਂਦਾ।
ਯੂਨੀਅਨਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਧਿਆਨ ਨਾਲ ਸੁਣਦਿਆਂ ਲਾਲ ਚੰਦ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਰਕਾਰੀ ਨੀਤੀਆਂ ਅਤੇ ਨਿਯਮਾਂ ਦੇ ਦਾਇਰੇ ਵਿੱਚ ਰਹਿੰਦਿਆਂ ਉਨ੍ਹਾਂ ਦਾ ਹਮਦਰਦੀ, ਸੁਹਿਰਦਤਾ ਅਤੇ ਸਕਾਰਾਤਮਕ ਸੋਚ ਨਾਲ ਨਿਪਟਾਰਾ ਕੀਤਾ ਜਾਵੇਗਾ।
ਮੁਲਾਜ਼ਮ-ਪੱਖੀ ਨੀਤੀ...









