Saturday, May 23Punjabi People

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਮਿਸਾਲੀ ਸੁਧਾਰਾਂ ਨੂੰ ਹੋਰ ਗਤੀ ਮਿਲੇਗੀ ਅਤੇ ਸੂਬਾ ਇੱਕ ਮਜ਼ਬੂਤ ਢਾਂਚਾਗਤ ਸਿੱਖਿਆ ਕ੍ਰਾਂਤੀ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਰੋਡਮੈਪ ਹੈ, ਜਿਸ ਵਿੱਚ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਸੁਨੇਹੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਰਕਾਰ ਆਪਣੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਉੱਚਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਹੋਰ ਮਜ਼ਬੂਤ ਬਣਾਏਗਾ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਛੇ ਸਾਲਾਂ ਦੌਰਾਨ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ‘ਸਿੱਖਿਆ ਕ੍ਰਾਂਤੀ 2.0’ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਸਿੱਖਿਆ ਸੁਧਾਰਾਂ ਲਈ ਸਭ ਤੋਂ ਵੱਡੀਆਂ ਪਹਿਲਾਂ ਵਿੱਚੋਂ ਇੱਕ ਹੈ, ਜਿਸ ਰਾਹੀਂ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਢਾਂਚੇ ਵਿੱਚ ਵਿਸਤ੍ਰਿਤ ਅਤੇ ਮਿਸਾਲੀ ਸੁਧਾਰ ਕੀਤੇ ਜਾਣਗੇ। ਬੁਨਿਆਦੀ ਸਾਖਰਤਾ ਨੂੰ ਮਜ਼ਬੂਤ ਕਰਨ, ਅਧਿਆਪਕਾਂ ਨੂੰ ਹੋਰ ਸਸ਼ਕਤ ਬਣਾਉਣ, ਪ੍ਰਬੰਧਕੀ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਨਵੇਂ ਮੌਕੇ ਪੈਦਾ ਕਰਨ ਰਾਹੀਂ ਇਹ ਮਿਸ਼ਨ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਤਿਆਰ ਕਰੇਗਾ।

ਉਨ੍ਹਾਂ ਭਾਰਤ ਸਰਕਾਰ ਦੇ ‘ਪਰਖ ਰਾਸ਼ਟਰੀ ਸਰਵੇਖਣ–2024’ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਰਵੇਖਣ ਵਿੱਚ ਪੰਜਾਬ ਨੇ ਸਕੂਲੀ ਨਤੀਜਿਆਂ ਦੇ ਮਾਮਲੇ ਵਿੱਚ ਕੇਰਲਾ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਸੁਧਾਰਾਂ ਦਾ ਸਪੱਸ਼ਟ ਸਬੂਤ ਹੈ।

ਸ. ਬੈਂਸ ਨੇ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਹੁਣ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ, ਜੋ ਇਹ ਦਰਸਾਉਂਦਾ ਹੈ ਕਿ ਉੱਤਮ ਸਿੱਖਿਆ ਹੁਣ ਕੇਵਲ ਕੁਝ ਗਿਣਤੀ ਲੋਕਾਂ ਦੀ ਪਹੁੰਚ ਤੱਕ ਸੀਮਿਤ ਨਹੀਂ ਰਹੀ, ਸਗੋਂ ਪੰਜਾਬ ਦੇ ਹਰ ਬੱਚੇ ਦਾ ਅਧਿਕਾਰ ਬਣ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਗਭਗ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਸਰਕਾਰੀ ਸਕੂਲਾਂ ਵਿੱਚ 38,649 ਡੈਸਕਟਾਪ ਕੰਪਿਊਟਰ ਅਤੇ 8,268 ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾ ਰਹੇ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਧੁਨਿਕ ਕੰਪਿਊਟਰ ਲੈਬ ਉਪਲਬਧ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੀਆਂ ਆਧੁਨਿਕ ਤਕਨਾਲੋਜੀਆਂ ਨੂੰ ਸਿੱਖਿਆ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ 99 ਫੀਸਦੀ ਸਕੂਲਾਂ ਵਿੱਚ ਚਾਰਦੀਵਾਰੀ ਬਣ ਚੁੱਕੀ ਹੈ ਅਤੇ ਇੱਕ ਲੱਖ ਤੋਂ ਵੱਧ ਨਵੇਂ ਡੈਸਕ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਵਿਦਿਆਰਥੀ ਜ਼ਮੀਨ ‘ਤੇ ਬੈਠਣ ਲਈ ਮਜਬੂਰ ਨਾ ਹੋਵੇ।

ਰਾਜ ਪੱਧਰੀ ਕਰੀਅਰ ਕਾਉਂਸਲਿੰਗ ਫਰੇਮਵਰਕ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪਹਿਲ ਲਗਭਗ 7.35 ਲੱਖ ਵਿਦਿਆਰਥੀਆਂ ਨੂੰ ਕਵਰ ਕਰੇਗੀ। ਨਵੇਂ ਸਮਰਪਿਤ ਪੋਰਟਲ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਰੁਜ਼ਗਾਰ ਨਾਲ ਸੰਬੰਧਿਤ ਸਹੀ ਮਾਰਗਦਰਸ਼ਨ ਮਿਲੇਗਾ, ਜਿਸ ਨਾਲ ਉਹ ਆਪਣੇ ਭਵਿੱਖ ਬਾਰੇ ਸੋਚ-ਵਿਚਾਰ ਕਰਕੇ ਫੈਸਲੇ ਲੈ ਸਕਣਗੇ।

ਸਕੂਲੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 11 ਜੇਲ੍ਹਾਂ ਵਿੱਚ ਆਈ.ਟੀ.ਆਈ. ਚਲਾਉਣ ਦੀ ਇੱਕ ਵਿਲੱਖਣ ਪਹਿਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਹੁਨਰ ਵਿਕਾਸ ਰਾਹੀਂ ਕੈਦੀਆਂ ਦੇ ਸਮਾਜਿਕ ਮੁੜ ਵਸੇਬੇ ਨੂੰ ਪ੍ਰੋਤਸਾਹਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੀਆਂ 11 ਆਈ.ਟੀ.ਆਈਜ਼ ਨੂੰ ‘ਸੈਂਟਰ ਆਫ ਐਕਸੀਲੈਂਸ’ ਵਜੋਂ ਅਪਗ੍ਰੇਡ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਅਸਲ ਦੌਲਤ ਇਸਦੇ ਕਲਾਸਰੂਮਾਂ ਅਤੇ ਬੱਚਿਆਂ ਦੇ ਸੁਪਨਿਆਂ ਵਿੱਚ ਵੱਸਦੀ ਹੈ। ਉਨ੍ਹਾਂ ਦੱਸਿਆ ਕਿ ਸਾਲ 2026-27 ਦਾ ਇਹ ਬਜਟ ਸਿੱਖਿਆ ਰਾਹੀਂ ਉੱਜਵਲ ਭਵਿੱਖ ਦੀ ਨੀਂਹ ਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਿਸ ਵਿੱਚ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦੀ ਰਿਕਾਰਡ ਵੰਡ ਕੀਤੀ ਗਈ ਹੈ।

Leave a Reply

Your email address will not be published. Required fields are marked *