
ਫ਼ਰੀਦਕੋਟ, 4 ਅਪ੍ਰੈਲ 2026: ਪੰਜਾਬ ਦੀ ਕੈਬਨਿਟ ਮੰਤਰੀ ਅਤੇ ਅੱਖਾਂ ਦੇ ਰੋਗਾਂ ਦੀ ਮਾਹਿਰ ਡਾ. ਬਲਜੀਤ ਕੌਰ ਵੱਲੋਂ ਅੱਜ ਫ਼ਰੀਦਕੋਟ ਦੀ ਬਲਬੀਰ ਬਸਤੀ ਵਿਖੇ ਸਥਿਤ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਇਹ ਕੈਂਪ ਲਾਇਨਜ਼ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਾਫ਼ੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕਰਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜਕੱਲ੍ਹ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ, ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮਜ਼ੋਰੀ, ਵਧ ਰਹੀਆਂ ਹਨ। ਇਸ ਲਈ ਸਮੇਂ-ਸਿਰ ਜਾਂਚ ਅਤੇ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਲੋੜ ਮੁਤਾਬਕ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਗਈਆਂ।
ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਵਾ ਕੇ ਓਪਰੇਸ਼ਨ ਲਈ ਸਮਾਂ ਨਿਰਧਾਰਤ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਲੈਂਸ ਵੀ ਲਗਾਏ ਜਾਣਗੇ। ਇਹ ਸਾਰੀਆਂ ਸੇਵਾਵਾਂ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਲਾਇਨਜ਼ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਪਿਤਾ ਜੀ ਦੀ ਯਾਦ ਵਿੱਚ ਇਹ ਕੈਂਪ ਲਗਾਇਆ ਗਿਆ ਹੈ ਅਤੇ ਕਲੱਬ ਵੱਲੋਂ ਸਮਾਜ ਸੇਵਾ ਦੇ ਕੰਮ ਅੱਗੇ ਵੀ ਜਾਰੀ ਰਹਿਣਗੇ।
ਕੈਂਪ ਵਿੱਚ ਇਲਾਜ ਲਈ ਆਏ ਮਰੀਜ਼ਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲਣ ਨਾਲ ਕਾਫ਼ੀ ਫ਼ਾਇਦਾ ਹੋਇਆ ਹੈ।
ਇਸ ਮੌਕੇ ਸਿਵਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਵੀ ਹਾਜ਼ਰ ਰਹੇ।
