Wednesday, July 29Punjabi People

ਪੈਟਰੋਲ-ਡੀਜ਼ਲ ਮਹਿੰਗਾਈ ਖ਼ਿਲਾਫ਼ ‘ਆਪ’ ਨੇ ਖੋਲ੍ਹਿਆ ਮੋਰਚਾ

ਚੰਡੀਗੜ੍ਹ, 16ਮਈ 2026: ਆਮ ਆਦਮੀ ਪਾਰਟੀ (ਆਪ) ਵੱਲੋਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਮਗਰੋਂ ਕੇਂਦਰ ਸਰਕਾਰ ਨੇ ਪਹਿਲਾਂ ਗੈਸ ਸਿਲੰਡਰ ਅਤੇ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ ’ਤੇ ਵੱਡਾ ਆਰਥਿਕ ਬੋਝ ਪਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਵੀ ਨਾਕਾਮ ਸਾਬਤ ਹੋਈ ਹੈ।

ਅੰਮ੍ਰਿਤਸਰ ਵਿੱਚ ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਕਾਫ਼ੀ ਵਧ ਗਏ ਹਨ, ਜਿਸ ਲਈ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ।

ਲੁਧਿਆਣਾ ਵਿੱਚ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਵਧੀਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਨਾ ਲਈਆਂ ਗਈਆਂ ਤਾਂ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਹੋਰ ਤਿੱਖਾ ਕਰੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੜਕਾਂ ਤੋਂ ਸੰਸਦ ਤੱਕ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ।

ਜਲੰਧਰ ਵਿੱਚ ਜ਼ਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ’ਤੇ ਵੀ ਪੈ ਰਿਹਾ ਹੈ।

Leave a Reply

Your email address will not be published. Required fields are marked *