Saturday, May 23Punjabi People

ਹਥਿਆਰ ਤਸਕਰੀ ਗਿਰੋਹ ਬੇਨਕਾਬ; ਨਾਬਾਲਗ ਸਮੇਤ ਚਾਰ ਲੋਕ 7 ਪਿਸਤੌਲਾਂ ਨਾਲ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32) ਅਤੇ ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ਼ ਲਵ, ਵਾਸੀ ਪਿੰਡ ਭੂਸੇ, ਤਰਨ ਤਾਰਨ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ .30 ਬੋਰ ਪੀਐਕਸ-5 ਸਟੌਰਮ, ਦੋ ਇਟਲੀ ਬਣੇ .30 ਬੋਰ ਪਿਸਤੌਲ, ਇੱਕ ਚੀਨ ਬਣਿਆ .30 ਬੋਰ ਪਿਸਤੌਲ, ਇੱਕ ਆਸਟਰੀਆ ਬਣਿਆ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ 12 ਜਿੰਦੇ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਦੇ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਨਾਜਾਇਜ਼ ਹਥਿਆਰਾਂ ਦੀ ਖੇਪ ਅਟਾਰੀ ਸੈਕਟਰ ਵਿੱਚ ਪਿੰਡ ਭੈਣੀ ਅਤੇ ਨੇਸ਼ਟਾ ਨੇੜੇ ਡਰੋਨ ਰਾਹੀਂ ਭੇਜੀ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ ‘ਤੇ ਕੰਮ ਕਰਦੇ ਹੋਏ ਨਿਰਧਾਰਤ ਥਾਵਾਂ ਤੋਂ ਇਹ ਖੇਪ ਪ੍ਰਾਪਤ ਕਰਦੇ ਅਤੇ ਅੱਗੇ ਸਥਾਨਕ ਤੌਰ ‘ਤੇ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲਾਂ ਤਿੰਨ ਦੋਸ਼ੀਆਂ ਨੂੰ ਛੇ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦਾ ਇੱਕ ਸਾਥੀ ਮੌਕੇ ਤੋਂ ਭੱਜ ਗਿਆ ਸੀ। ਬਾਅਦ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਅਗਲੇ ਦਿਨ ਉਸ ਨਾਬਾਲਗ ਦੋਸ਼ੀ ਨੂੰ ਵੀ ਇੱਕ ਪਿਸਤੌਲ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਰਵਿੰਦਰ ਅਤੇ ਲਵਪ੍ਰੀਤ ਖ਼ਿਲਾਫ਼ ਪਹਿਲਾਂ ਤੋਂ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਦਕਿ ਨਾਬਾਲਗ ਖ਼ਿਲਾਫ਼ ਵੀ ਅਸਲਾ ਐਕਟ ਤਹਿਤ ਪਹਿਲਾਂ ਮਾਮਲਾ ਦਰਜ ਹੋ ਚੁੱਕਾ ਹੈ।

ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰਬਰ 72 ਮਿਤੀ 02-04-2026 ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।

Leave a Reply

Your email address will not be published. Required fields are marked *