
ਚੰਡੀਗੜ੍ਹ / ਬਰਨਾਲਾ, 10 ਮਈ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਦੇ ਭਦੌੜ ਥਾਣਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਲੈ ਕੇ ਘੁੰਮ ਰਿਹਾ ਹੈ। ਇਸ ਤੋਂ ਬਾਅਦ ਸਹਾਇਕ ਥਾਣਾ ਮੁਖੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਕੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ।
ਪੁਲਿਸ ਨੇ ਪਿੰਡ ਸੰਧੂ ਕਲਾਂ ਨੇੜੇ ਭਾਰਤ ਮਾਲਾ ਪ੍ਰੋਜੈਕਟ ਹੇਠ ਬਣ ਰਹੀ ਸੜਕ ‘ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 1 ਕਿਲੋ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਾਹਮਣੀਆ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਸ਼ੇ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਹੋਣੀ ਸੀ।
ਇਸ ਮਾਮਲੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀਐਸਪੀ ਤਪਾ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨਾਲ ਜੁੜੇ ਹੋਰ ਚਿਹਰਿਆਂ ਦੇ ਵੀ ਖੁਲਾਸੇ ਹੋ ਸਕਦੇ ਹਨ।
