Saturday, May 23Punjabi People

ਸਿੱਖਿਆ ਖੇਤਰ ਵਿੱਚ ਮਾਨ ਸਰਕਾਰ ਦੀ ਵੱਡੀ ਪਹਿਲ, ਹਰ ਬੱਚੇ ਤੱਕ ਪਹੁੰਚੇਗੀ ਗੁਣਵੱਤਾ ਭਰੀ ਪੜ੍ਹਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਸਿਰਫ਼ ਆਰਥਿਕ ਮੁਸ਼ਕਲਾਂ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ 204.69 ਕਰੋੜ ਰੁਪਏ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਮਜ਼ਬੂਤ ਸਹਾਰਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਇੱਕ ਅਜਿਹੀ ਤਾਕਤ ਹੈ ਜੋ ਬੱਚਿਆਂ ਦੀ ਜ਼ਿੰਦਗੀ ਅਤੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਖੇਤਰ ਵਿੱਚ ਕੀਤਾ ਹਰ ਨਿਵੇਸ਼ ਸਮਾਜ ਨੂੰ ਮਜ਼ਬੂਤ ਅਤੇ ਰੌਸ਼ਨ ਭਵਿੱਖ ਵੱਲ ਲੈ ਜਾਂਦਾ ਹੈ। ਇਸੇ ਦ੍ਰਿਸ਼ਟੀਕੋਣ ਨਾਲ ਮਾਨ ਸਰਕਾਰ ਵੱਲੋਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹ ਉਪਰਾਲੇ ਸਿਰਫ਼ ਸਹੂਲਤਾਂ ਦੇਣ ਤੱਕ ਸੀਮਿਤ ਨਹੀਂ ਹਨ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਪੂਰੇ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸਾਕਾਰ ਹੋਵੇਗਾ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦੀ ਰਹੇਗੀ।

Leave a Reply

Your email address will not be published. Required fields are marked *