
ਅੰਮ੍ਰਿਤਸਰ 31 ਜਨਵਰੀ 2026 : 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਗਿਆਨੀ ਰਘਬੀਰ ਸਿੰਘ ਜੀ ਨੇ ਜਾਂਚ ਦੌਰਾਨ ਅਧਿਕਾਰੀਆਂ ਨੂੰ ਹੋ ਰਹੀ ਕਥਿਤ ਮਾਨਸਿਕ ਪਰੇਸ਼ਾਨੀ ’ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਿੱਟ ਵੱਲੋਂ ਮੁੜ 40 ਵਿਅਕਤੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਾ ਦਿੱਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਡਾ. ਈਸ਼ਰ ਸਿੰਘ ਦੀ ਰਿਪੋਰਟ ਸਮੇਂ ਸਾਰੇ ਸੰਬੰਧਤ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਾਂਚ ਹੋਣੀ ਜ਼ਰੂਰੀ ਹੈ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ, ਪਰ ਜਾਂਚ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਰਾਸਮੈਂਟ ਕਤਈ ਬਰਦਾਸ਼ਤਯੋਗ ਨਹੀਂ। ਗਿਆਨੀ ਰਘਬੀਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ SGPC ਵੱਲੋਂ ਜਾਂਚ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਖੁਦ ਸਿੱਟ ਦੇ ਮੁਖੀ ਵੱਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਕਮੇਟੀ ਜਾਂਚ ਵਿੱਚ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਾਂਚ ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਅੱਗੇ ਵਧਾਇਆ ਜਾਵੇ ਅਤੇ ਬਿਨਾਂ ਵਜ੍ਹਾ ਅਧਿਕਾਰੀਆਂ ’ਤੇ ਮਾਨਸਿਕ ਦਬਾਅ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਪੰਥ ਨਾਲ ਗਹਿਰਾਈ ਨਾਲ ਜੁੜਿਆ ਹੋਇਆ ਹੈ ਕਿਉਂਕਿ ਇਹ ਪਾਵਨ ਸਰੂਪਾਂ ਦੀ ਮਰਿਆਦਾ ਅਤੇ ਰਿਕਾਰਡ ਨਾਲ ਸੰਬੰਧਿਤ ਹੈ।
ਗਿਆਨੀ ਰਘਬੀਰ ਸਿੰਘ ਜੀ ਨੇ ਉਮੀਦ ਪ੍ਰਗਟਾਈ ਕਿ ਜਾਂਚ ਪਾਰਦਰਸ਼ੀ ਹੋਵੇਗੀ ਅਤੇ ਸੱਚ ਸਾਹਮਣੇ ਆਵੇਗਾ, ਪਰ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਜਾਂਚ ਦੌਰਾਨ ਮਾਨਵੀ ਕਦਰਾਂ-ਕੀਮਤਾਂ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਸਾਦੀ ਵਰਦੀ ਵਿੱਚ ਦਾਖ਼ਲ ਹੋ ਕੇ ਕੁਝ ਨੌਜਵਾਨਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਤੇ ਵੀ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਸੰਗਤ ਦੇ ਮਨਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੁੰਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੀ ਮਾਨਵਤਾ ਲਈ ਆਸਥਾ ਅਤੇ ਆਤਮਕ ਸ਼ਾਂਤੀ ਦਾ ਕੇਂਦਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਦਰਸ਼ਨ ਲਈ ਆਉਂਦੀਆਂ ਹਨ। ਜੇਕਰ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕਾਰਵਾਈ ਲੋੜੀਂਦੀ ਹੋਵੇ, ਤਾਂ ਉਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਅਤੇ ਪ੍ਰਬੰਧਕਾਂ ਨਾਲ ਸਲਾਹ-ਮਸ਼ਵਰਾ ਕਰਨਾ ਅਤਿ ਜ਼ਰੂਰੀ ਹੈ। ਬਿਨਾਂ ਭਰੋਸੇ ਵਿੱਚ ਲਏ ਕੀਤੀ ਗਈ ਕਿਸੇ ਵੀ ਕਾਰਵਾਈ ਨੂੰ ਉਨ੍ਹਾਂ ਨੇ ਮਰਿਆਦਾ ਦੇ ਖ਼ਿਲਾਫ਼ ਦੱਸਿਆ।
ਅੰਤ ਵਿੱਚ, ਗਿਆਨੀ ਰਘਬੀਰ ਸਿੰਘ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਗਲਤੀ ਮੁੜ ਨਾ ਦੁਹਰਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿੱਖਾਂ ਦੀ ਆਸਥਾ ਦੇ ਕੇਂਦਰ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਤੇ ਮਰਿਆਦਾ ਦੀ ਰੱਖਿਆ ਕਰਨਾ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਵਿਸ਼ਵਾਸ ਵਿੱਚ ਲਿਆ ਜਾਵੇ, ਤਾਂ ਜੋ ਸੰਗਤਾਂ ਦੀ ਆਸਥਾ ਨੂੰ ਕੋਈ ਠੇਸ ਨਾ ਪਹੁੰਚੇ।
