
ਪਟਿਆਲਾ, 9 ਅਪ੍ਰੈਲ 2026 : ਪਟਿਆਲਾ ਦੇ 12 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਅਤੇ ਪੁਲਿਸ ਤੁਰੰਤ ਸਰਗਰਮ ਹੋ ਗਏ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਅੰਦਰੂਨੀ ਜਾਂਚ ਜਾਰੀ ਹੈ। ਮੌਕੇ ‘ਤੇ ਪੁਲਿਸ ਟੀਮਾਂ, ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵੈਡ ਨੂੰ ਤਾਇਨਾਤ ਕੀਤਾ ਗਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਕੇ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਧਮਕੀ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਪ੍ਰਾਰੰਭਿਕ ਜਾਂਚ ਦੌਰਾਨ ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਪਰ ਐਤਿਆਤਨ ਪੂਰੀ ਤਰ੍ਹਾਂ ਸਰਚ ਆਪਰੇਸ਼ਨ ਜਾਰੀ ਹੈ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਸੂਚਿਤ ਕਰਕੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਪਹਿਲਾਂ ਵੀ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲਾਂ, ਸਰਕਾਰੀ ਅਤੇ ਕਾਨੂੰਨੀ ਸੰਸਥਾਵਾਂ ਨੂੰ ਬੰਬ ਧਮਾਕਿਆਂ ਦੀਆਂ ਚੇਤਾਵਨੀਆਂ ਮਿਲੀਆਂ ਹਨ।
ਜਲੰਧਰ, ਪਠਾਨਕੋਟ, ਮੋਗਾ, ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲੀਆਂ ਸਨ।
ਇਸ ਤੋਂ ਇਲਾਵਾ ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਅਤੇ ਲੁਧਿਆਣਾ ਦੀ ਜੂਡੀਸ਼ੀਅਲ ਅਦਾਲਤ ਸਮੇਤ ਕਈ ਹੋਰ ਜ਼ਿਲ੍ਹਾ ਅਦਾਲਤਾਂ ਨੂੰ ਵੀ ਧਮਕੀ ਭਰੇ ਈਮੇਲ ਪ੍ਰਾਪਤ ਹੋ ਚੁੱਕੇ ਹਨ।
